Site icon TV Punjab | Punjabi News Channel

ਕੈਪਟਨ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਟੀਕਿਆਂ ਦੀ ਮੰਗ ਰੱਖੀ

ਚੰਡੀਗੜ੍ਹ : ਪੰਜਾਬ ਵਿਚ ਟੀਕਾਕਰਨ ਦੀ ਇਕੱਲੀ ਦੂਜੀ ਖੁਰਾਕ ਲਈ 2 ਲੱਖ ਤੋਂ ਵੱਧ ਖੁਰਾਕਾਂ ਦੀ ਮੌਜੂਦਾ ਮੰਗ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਵਾਸਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅੱਗੇ ਤੁਰੰਤ 40 ਲੱਖ ਖੁਰਾਕਾਂ ਦੀ ਮੰਗ ਰੱਖੀ ਹੈ। ਕੋਵਿਡ ਦੀ ਸਮੀਖਿਆ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬੇ ਨੂੰ ਅੱਜ 2.46 ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਟੀਕਿਆਂ ਦੀ ਸਪਲਾਈ ਘੱਟ ਹੈ।

ਕੋਵੀਸ਼ੀਲਡ ਖਤਮ ਹੋ ਗਈ ਹੈ ਅਤੇ ਕੋਵੈਕਸੀਨ ਦੀਆਂ ਸੋਮਵਾਰ ਨੂੰ ਸਿਰਫ 3500 ਖੁਰਾਕਾਂ ਬਚੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ 90 ਲੱਖ ਤੋਂ ਵੱਧ ਯੋਗ ਵਿਅਕਤੀਆਂ (ਯੋਗ ਵਸੋਂ ਦਾ ਕਰੀਬ 37 ਫੀਸਦੀ) ਨੇ ਟੀਕਾ ਲਗਾ ਲਿਆ ਹੈ ਅਤੇ ਸਾਰਾ ਸਟਾਕ ਬਿਨਾਂ ਕੋਈ ਵਿਅਰਥ ਗੁਆਏ ਵਰਤਿਆ ਗਿਆ। ਪਹਿਲੀ ਖੁਰਾਕ 75 ਲੱਖ ਲੋਕਾਂ ਵੱਲੋਂ ਲਗਾਈ ਗਈ ਹੈ ਜਦੋਂ ਕਿ ਦੂਜੀ ਖੁਰਾਕ 15 ਲੱਖ ਲੋਕਾਂ ਨੇ ਲਗਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਪਲਾਈ ਦੀ ਘਾਟ ਪੂਰੀ ਕਰਨ ਲਈ ਕੇਂਦਰ ਨੂੰ ਸੂਬੇ ਵਾਸਤੇ ਟੀਕਿਆਂ ਦੀ ਤੁਰੰਤ ਡਲਿਵਰੀ ਦਾ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਜਿਨ੍ਹਾਂ ਨੂੰ ਦੂਜੀ ਖੁਰਾਕ ਦੀ ਲੋੜ ਹੈ, ਉਨ੍ਹਾਂ ਦੇ ਟੀਕੇ ਲਗਾਏ ਜਾਣ ਜਦੋਂ ਕਿ ਹੋਰ ਯੋਗ ਵਿਅਕਤੀਆਂ ਲਈ ਵੀ ਟੀਕਾਕਰਨ ਜਾਰੀ ਰੱਖਿਆ ਜਾ ਸਕੇ।

ਸਿਹਤ ਸਕੱਤਰ ਹੁਸਨ ਲਾਲ ਨੇ ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਖੁਰਾਕਾਂ ਦੀ ਸਪਲਾਈ ਖਰਾਬ ਹੋ ਰਹੀ ਹੈ ਕਿਉਂ ਜੋ ਲੋਕ ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾਕਰਨ ਨੂੰ ਪਹਿਲ ਦੇ ਰਹੇ ਹਨ, ਮੀਟਿੰਗ ਵਿਚ ਜਾਣਕਾਰੀ ਦਿੱਤੀ ਕਿ ਸੂਬੇ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਸਟਾਕ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਕੇਂਦਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ।

ਟੀਵੀ ਪੰਜਾਬ ਬਿਊਰੋ

Exit mobile version