Site icon TV Punjab | Punjabi News Channel

ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

ਚੰਡੀਗੜ੍ਹ : ਖਾਲਿਸਤਾਨੀ ਜਥੇਬੰਦੀਆਂ ਵੱਲੋਂ ਕੁਝ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਅਤੇ ਹੋਰ ਅੱਤਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ਪਾਰ ਦੇ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਤੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਵਿਚਾਰ-ਚਰਚਾ ਕਰਨ ਲਈ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰੱਖਿਆ ਤਾਂ ਕਿ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਪੀਡੀ ਸਮੱਸਿਆ ਦਾ ਸਥਾਈ ਅਤੇ ਸੁਖਾਵਾਂ ਹੱਲ ਕੱਢਿਆ ਜਾ ਸਕੇ ਕਿਉਂ ਜੋ ਇਹ ਸਾਡੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਬਣਨ ਦੇ ਨਾਲ-ਨਾਲ ਆਰਥਿਕ ਸਰਗਰਮੀਆਂ ਉਤੇ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜਬ ਚਿੰਤਾਵਾਂ ਹੱਲ ਕੀਤੇ ਜਾਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਭਾਵੇਂ ਸਥਿਤੀ ਅਜੇ ਕਾਬੂ ਹੇਠ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਕੁਝ ਸਿਆਸੀ ਪਾਰਟੀਆਂ ਦੀ ਭੜਕਾਊ ਬਿਆਨਬਾਜ਼ੀ ਅਤੇ ਰਵੱਈਆ ਅਤੇ ਭਾਵਨਾਤਮਕ ਪ੍ਰਤੀਕਿਰਿਆਵਾਂ ਅਮਨ-ਕਾਨੂੰਨ ਦੀ ਸਥਿਤੀ ਦੀ ਸਮੱਸਿਆ ਖੜ੍ਹੀ ਕਰ ਸਕਦੀਆਂ ਹਨ ਅਤੇ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ।”

ਮੁੱਖ ਮੰਤਰੀ ਨੇ ਇਹ ਪੱਤਰ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਵਧ ਰਹੇ ਰੋਹ ਦੇ ਮੱਦੇਨਜ਼ਰ ਲਿਖਿਆ ਗਿਆ ਹੈ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਜੂਨ ਅਤੇ ਦਸੰਬਰ, 2020 ਵਿਚ ਲਿਖੇ ਅਰਧ-ਸਰਕਾਰੀ ਪੱਤਰਾਂ ਵਿਚ ਇਸ ਦੀ ਸਮੀਖਿਆ ਕਰਨ ਲਈ ਕਹਿ ਚੁੱਕੇ ਹਨ। ਤਾਜ਼ਾ ਪੱਤਰ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ 5-6 ਕਿਲੋਮੀਟਰ ਵਿਚ ਪੈਂਦੇ ਪਿੰਡਾਂ ਦੇ ਨਾਲ ਡਰੋਨ ਗਤੀਵਿਧੀਆਂ ਵਧਣ ਅਤੇ ਪਾਕਿਸਤਾਨ ਵੱਲੋਂ ਭਾਰਤ ਨੂੰ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਭੇਜੇ ਜਾਣ ਦੇ ਸੰਦਰਭ ਵਿਚ ਲਿਖਿਆ ਹੈ। ਖੁਫੀਆ ਰਿਪੋਰਟਾਂ ਵਿਚ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕੁਝ ਮਹੀਨਿਆਂ ਬਾਅਦ ਹੋਣ ਕਰਕੇ ਆਈ.ਐਸ.ਆਈ. ਦੀ ਅਗਵਾਈ ਵਾਲੀਆਂ ਖਾਲਿਸਤਾਨੀ ਅਤੇ ਕਸ਼ਮੀਰੀ ਅੱਤਵਾਦੀ ਜਥੇਬੰਦੀਆਂ ਨੇੜ ਭਵਿੱਖ ਵਿਚ ਸੂਬੇ ਵਿਚ ਦਹਿਸ਼ਤੀ ਕਾਰਵਾਈਆਂ ਦੀ ਯੋਜਨਾ ਘੜ ਰਹੀਆਂ ਹਨ। ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ-ਹਰਿਆਣਾ ਸਰਹੱਦਾਂ ਉਤੇ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ ਸੂਬੇ ਵਿਚ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਅਤੇ ਹੁਣ ਤੱਕ ਉਨ੍ਹਾਂ ਦੇ ਪ੍ਰਦਰਸ਼ਨ ਕੁਲ-ਮਿਲਾ ਕੇ ਸ਼ਾਂਤਮਈ ਰਹੇ ਹਨ।

ਟੀਵੀ ਪੰਜਾਬ ਬਿਊਰੋ

Exit mobile version