Site icon TV Punjab | Punjabi News Channel

ਪੰਜਾਬ ਵਿਚ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਦੀ ਘਾਟ ਦੇ ਮੱਦੇਨਜ਼ਰ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਕਿਹਾ ਕਿ ਰਾਜ ਵਿੱਚ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਅਤੇ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਘਰੇਲੂ ਅਤੇ ਸਨਅਤੀ ਖਪਤਕਾਰਾਂ ਨੂੰ ਸਸਤੀ ਕੀਮਤ ‘ਤੇ ਬਿਜਲੀ ਉਪਲਬਧ ਕਰਵਾਈ ਜਾਵੇ।

ਸਿੱਧੂ ਨੇ ਟਵੀਟ ਕੀਤਾ, “ਪੰਜਾਬ ਪਹਿਲਾਂ ਹੀ 9,000 ਕਰੋੜ ਰੁਪਏ ਦੀ ਸਬਸਿਡੀ ਦਿੰਦਾ ਹੈ ਪਰ ਸਾਨੂੰ ਘਰੇਲੂ ਅਤੇ ਸਨਅਤੀ ਖਪਤਕਾਰਾਂ ਲਈ ਹੋਰ ਕਦਮ ਚੁੱਕਣ ਦੀ ਲੋੜ ਹੈ। ਸਰਚਾਰਜ 10 ਤੋਂ 12 ਰੁਪਏ ਪ੍ਰਤੀ ਯੂਨਿਟ ਦੀ ਬਜਾਏ ਉਨ੍ਹਾਂ ਨੂੰ ਤਿੰਨ ਤੋਂ ਪੰਜ ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦਿੱਤੀ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਬਿਨਾਂ ਕਿਸੇ ਕਟੌਤੀ ਦੇ 24×7 ਬਿਜਲੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਫਤ ਬਿਜਲੀ (300 ਯੂਨਿਟ ਤੱਕ) ਦਿੱਤੀ ਜਾਣੀ ਚਾਹੀਦੀ ਹੈ। ”

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਸੱਤਾ ਵਿਚ ਆਉਂਦੀ ਹੈ, ਤਾਂ 300 ਯੂਨਿਟ ਮੁਫਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਹਰ ਘਰ ਨੂੰ ਦਿੱਤੀ ਜਾਵੇਗੀ। ਨਵਜੋਤ ਸਿੰਘ ਸਿੱਧੂ ਨੇ ਦੁਹਰਾਇਆ ਕਿ ਅਕਾਲੀ-ਬੀਜੇਪੀ ਸਰਕਾਰ ਦੁਆਰਾ ਦਸਤਖਤ ਕੀਤੇ ਗਏ ਬਿਜਲੀ ਸਪਲਾਈ ਸਮਝੌਤਿਆਂ ਨੂੰ ਕਾਨੂੰਨ ਦੇ ਜ਼ਰੀਏ ਤੋੜਿਆ ਜਾਣਾ ਚਾਹੀਦਾ ਹੈ।

ਇਕ ਹੋਰ ਟਵੀਟ ਵਿਚ, ਸਿੱਧੂ ਨੇ ਕਿਹਾ, “ਆਓ, ਕਾਂਗਰਸ ਹਾਈ ਕਮਾਂਡ ਦੇ 18 ਸੂਤਰੀ ਲੋਕ-ਪੱਖੀ ਏਜੰਡੇ ਦੀ ਸ਼ੁਰੂਆਤ ਕਰੀਏ ਅਤੇ ਪੰਜਾਬ ਵਿਧਾਨ ਸਭਾ ਵਿਚ ਨਵੇਂ ਬਿੱਲ ਦੇ ਜ਼ਰੀਏ ਉਨ੍ਹਾਂ ਨੁਕਸਦਾਰ ਬਿਜਲੀ ਸਮਝੌਤੇ ਜਿਨ੍ਹਾਂ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਸਤਖਤ ਕੀਤੇ ਸਨ, ਨੂੰ ਰੱਦ ਕਰੀਏ। ਇਸ ਤੋਂ ਪਹਿਲਾਂ ਵੀ ਸਿੱਧੂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਸਤਖਤ ਕੀਤੇ ਬਿਜਲੀ ਖਰੀਦ ਸਮਝੌਤੇ (ਪੀਪੀਏ) ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਸੀ। ਸਿੱਧੂ ਨੇ ਪਿਛਲੇ ਦਿਨੀਂ ਕਈ ਮਾਮਲਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਆਲੋਚਨਾ ਕੀਤੀ ਸੀ।

ਟੀਵੀ ਪੰਜਾਬ ਬਿਊਰੋ

Exit mobile version