ਪੰਜਾਬ ਦੇ ਮੁੱਖ ਮੰਤਰੀ ਨੇ ਦੋ ਮਹੀਨਿਆਂ ਵਿਚ ਸਾਰੀ ਯੋਗ ਵਸੋਂ ਨੂੰ ਕਵਰ ਕਰਨ ਲਈ ਕੇਂਦਰ ਨੂੰ ਹੋਰ ਵੈਕਸੀਨ ਭੇਜਣ ਲਈ ਕਿਹਾ

ਚੰਡੀਗੜ੍ਹ : ਸੂਬੇ ਵਿਚ ਕੋਵੀਸ਼ੀਲਡ ਟੀਕਿਆਂ ਦੀ ਘਾਟ ਅਤੇ ਕੋਵੈਕਸੀਨ ਦੀਆਂ ਸਿਰਫ਼ 112821 ਖੁਰਾਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਹੋਰ ਵੈਕਸੀਨ ਮੁਹੱਈਆ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਦੁਹਰਾਇਆ ਹੈ ਤਾਂ ਜੋ ਅਗਲੇ ਦੋ ਮਹੀਨਿਆਂ ਵਿਚ ਯੋਗ ਵਿਅਕਤੀਆਂ ਦਾ ਟੀਕਾਕਰਨ ਮੁਕੰਮਲ ਕਰਨ ਲਈ 18-45 ਸਾਲ ਉਮਰ ਵਰਗ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਦੇ ਟੀਕੇ ਲਗਾਏ ਜਾ ਸਕਣ।

ਵੈਕਸੀਨ ਦੀ ਉਪਲੱਬਧਤਾ ਨੂੰ ਧਿਆਨ ਵਿਚ ਰੱਖਦਿਆਂ ਭਾਵੇਂ ਉਨ੍ਹਾਂ ਵੱਲੋਂ 18-45 ਉਮਰ ਵਰਗ ਦੀ ਆਬਾਦੀ ਦੇ ਟੀਕਾਕਰਨ ਲਈ ਹੁਕਮ ਦੇ ਮੱਦੇਨਜ਼ਰ, ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਰਜੀਹੀ ਵਰਗਾਂ ਨੂੰ ਕਵਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਮਹੀਨਿਆਂ ਵਿਚ ਸਾਰੇ ਯੋਗ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਮਿੱਥਿਆ ਹੈ ਜਿਸ ਤੋਂ ਬਾਅਦ ਸਮਾਂ-ਸੂਚੀ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ।

ਮੌਜੂਦਾ ਸਮੇਂ ਟੀਕਾਕਰਨ ਲਈ ਪੰਜਾਬ ਦੀ ਯੋਗ ਆਬਾਦੀ ਦੇ 4.8 ਫ਼ੀਸਦੀ ਹਿੱਸੇ ਦਾ ਮੁਕੰਮਲ ਟੀਕਾਕਰਨ ਹੋ ਚੁੱਕਾ ਹੈ ਅਤੇ ਜ਼ਿਲ੍ਹਾ ਮੁਹਾਲੀ ਪਹਿਲੀ ਅਤੇ ਦੂਜੀ ਖੁਰਾਕਾਂ ਲਗਾਉਣ ਵਿਚ ਮੋਹਰੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਹਿਮ ਹੋ ਗਿਆ ਹੈ ਕਿਉਂਕਿ ਪੰਜਾਬ ਹੁਣ ਹੌਲੀ-ਹੌਲੀ ਘੱਟੋ ਘੱਟ ਇਕ ਖੁਰਾਕ ਲੈਣ ਦੀ ਸ਼ਰਤ ‘ਤੇ ਕੰਮ ਕਰਨ ਨੂੰ ਢਿੱਲ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਤੁਰੰਤ ਕੇਂਦਰੀ ਸਿਹਤ ਮੰਤਰੀ ਕੋਲ ਉਠਾਉਣਗੇ ਅਤੇ ਜ਼ਰੂਰਤ ਪੈਣ ‘ਤੇ ਪ੍ਰਧਾਨ ਮੰਤਰੀ ਕੋਲ ਵੀ ਇਹ ਮੁੱਦਾ ਉਠਾਉਣਗੇ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਸਾਸ਼ਿਤ ਸੂਬਿਆਂ ਜਿਵੇਂ ਹਰਿਆਣਾ ਅਤੇ ਗੁਜਰਾਤ ਨੂੰ ਕੇਂਦਰ ਵੱਲੋਂ ਵੱਡੀ ਮਾਤਰਾ ਵਿਚ ਖੁਰਾਕ ਮੁਹੱਈਆ ਕਰਵਾਉਣ ਬਾਰੇ ਸਵਾਲ ਕੀਤਾ।

ਟੀਵੀ ਪੰਜਾਬ ਬਿਊਰੋ