ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋਡ਼ ਹੈ, ਤਾਂ ਜੋ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਜੋਡ਼ਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਜਿਹੇ ਮਾਮਲਿਆਂ ਨੂੰ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ ਅਤੇ ਸਿੱਖ ਸੰਸਥਾ ਦਾ ਮੰਤਵ ਦਿਖਾਵਾ ਕਰਨਾ ਨਹੀਂ, ਸਗੋਂ ਗੁਮਰਾਹ ਹੋ ਚੁੱਕੇ ਲੋਕਾਂ ਨੂੰ ਸਿੱਖੀ ਨਾਲ ਜੋਡ਼ਨਾ ਹੈ। ਇਸ ਮੌਕੇ ਬਲਵਿੰਦਰ ਸਿੰਘ ਵੇਈਂਪੂਈਂ. ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਸੁਖਵਰਸ਼ ਸਿੰਘ ਪੰਨੂ, ਬਲਵਿੰਦਰ ਸਿੰਘ ਕਾਹਲਵਾਂ, ਮਲਕੀਤ ਸਿੰਘ ਬਹਿਡ਼ਵਾਲ, ਮੇਜਰ ਸਿੰਘ, ਪ੍ਰਿੰ. ਮਨਜੀਤ ਕੌਰ, ਡਾ. ਅਮਰਜੀਤ ਕੌਰ, ਕਰਤਾਰ ਸਿੰਘ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ’ਚ ਸਿੱਖੀ ਪ੍ਰਚਾਰ ਲਈ ਚੁਣੇ 117 ਵਲੰਟੀਅਰ
