ਸੂਬਾ ਸਰਕਾਰ ਨੇ 634 ਕਿਸਾਨਾਂ ਦੇ ਵਾਰਸਾਂ ਨੂੰ ਜਾਰੀ ਕੀਤੀ 31 ਕਰੋੜ ਤੋਂ ਵੱਧ ਰਾਸ਼ੀ

ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੇ 326 ਵਾਰਸਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਟਰਾਂਸਫਰ ਕੀਤੇ ਹਨ। ਇਹ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸ ਨੂੰ ਚੰਗਾ ਹੁੰਗਾਰਾ ਵੀ ਮਿਲਿਆ ਸੀ। ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ।