ਪੰਜਾਬ ‘ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ, ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਗਲਤ ਘਟਨਾਵਾਂ ਵਾਪਰਦੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਆਬੂਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ ‘ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ।
ਇਸ ਦੌਰਾਨ ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ। ਦਿਲਬਾਗ ਨੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਪਾਸਪੋਰਟ ਨਾ ਮਿਲਣ ਕਾਰਨ ਨੌਜਵਾਨ ਪ੍ਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ। ਜਿਸ ਕਰਕੇ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।
ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਖਰਚਾ ਦੇਣ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ। ਜਿਸ ਕਰਕੇ ਕੇਂਦਰ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਹੈ।
ਇਸ ਦੇ ਦਿਲਬਾਗ ਸਿੰਘ ਨੇ ਪੱਤਰ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਦੱਸਿਆ ਕਿ ਪੰਜਾਬੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ।