ਜੇਲ੍ਹ ਜਾਣਗੇ ‘ਆਪ’ ਮੰਤਰੀ ਅਮਨ ਅਰੋੜਾ, ਦੋ ਸਾਲ ਦੀ ਹੋਈ ਸਜ਼ਾ

ਡੈਸਕ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਮੰਤਰੀ ਅਮਨ ਅਰੋੜਾ ਦੇ ਜੀਜੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਬਿਲਕੁਲ ਉਲਟ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।