ਅਲਵਿਦਾ 2022: ਮੋਦੀ ਸਮੇਤ 2022 ‘ਚ ਫੰਸੇ ਕਈ ਨੇਤਾ ,ਮੂਸੇਵਾਲਾ ਨੇ ਰਵਾ ਦਿੱਤੀ ਜਨਤਾ

ਜਲੰਧਰ- ਸਾਲ 2022 ਆਪਣੀਆਂ ਕਈ ਯਾਦਾਂ ਨਾਲ ਖਤਮ ਹੋ ਗਿਆ। ਇਹ ਯਾਦਾਂ ਖੱਟੀਆਂ ਵੀ ਸਨ ਤੇ ਮਿੱਠੀਆਂ ਵੀ ।ਇਸ ਰਿਪੋਰਟ ਰਾਹੀਂ ਅਸੀਂ ਆਪਣੇ ਪਾਠਕਾਂ ਨੂੰ ਪੂਰੇ ਸਾਲ ਦੀ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ।

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ‘ਤੇ ਵਿਵਾਦ –

ਸਿਆਸੀ ਤੌਰ ਉੱਤੇ ਦੇਖਿਆ ਜਾਵੇ ਤਾਂ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਨੇ ਸਰਦੀ ਦੇ ਮਹੀਨੇ ਵਿੱਚ ਸਿਆਸਤ ਨੂੰ ਗਰਮ ਕਰ ਕੇ ਰੱਖਿਆ ਸੀ।
ਸਾਲ ਦੀ ਸ਼ੁਰੂਆਤ ਵਿੱਚ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿਖੇ ਰੈਲੀ ਤੋਂ ਪਹਿਲਾਂ ਸੁਰੱਖਿਆ ਵਿੱਚ ਹੋਈ ਅਣਗਹਿਲੀ ਦੀ ਘਟਨਾ ਨੇ ਨਾ ਸਿਰਫ਼ ਕਈ ਸਵਾਲ ਖੜ੍ਹੇ ਕੀਤੇ ਬਲਕਿ ਸਿਆਸਤ ਵੀ ਖ਼ੂਬ ਗਰਮਾ ਦਿੱਤੀ। 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਫ਼ਿਰੋਜ਼ਪੁਰ ਵਿਖੇ ਰੈਲੀ ਕਰਨੀ ਸੀ ਅਤੇ ਹੁਸੈਨੀਵਾਲਾ ਵਿਖੇ ਨਤਮਸਤਕ ਹੋਣਾ ਸੀ। ਪੰਜਾਬ ਲਈ ਕਈ ਯੋਜਨਾਵਾਂ ਦੀ ਸ਼ੁਰੂਆਤ ਵੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਕਰਨੀ ਸੀ ਪਰ ਪ੍ਰਧਾਨ ਮੰਤਰੀ ਪੰਜਾਬ ਵਿੱਚ ਲੈਂਡ ਹੋਣ ਦੇ ਬਾਵਜੂਦ ਸੁਰੱਖਿਆ ਕਾਰਨਾਂ ਕਰਕੇ ਫ਼ਿਰੋਜ਼ਪੁਰ ਪਹੁੰਚ ਨਹੀਂ ਸਕੇ ਅਤੇ ਉਹ ਰੈਲੀ ਨੂੰ ਬਿਨਾਂ ਸੰਬੋਧਨ ਕੀਤੇ ਵਾਪਸ ਦਿੱਲੀ ਪਰਤ ਗਏ। ਉਸ ਸਮੇਂ ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ। ਇਹ ਦੌਰਾ ਰੱਦ ਕਰਨ ਪਿੱਛੇ ਦਲੀਲ ਦਿੱਤੀ ਗਈ ਕਿ ਜਿਸ ਰਸਤੇ ਤੋਂ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਲੰਘ ਕੇ ਫ਼ਿਰੋਜ਼ਪੁਰ ਜਾਣਾ ਸੀ, ਉਸ ਉੱਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਪੰਜਾਬ ਦੌਰਾ ਸੀ। ਇਹ ਮੁੱਦਾ ਕਈ ਦਿਨ ਮੀਡੀਆ ਦੀ ਸੁਰਖ਼ੀਆਂ ਵਿੱਚ ਬਣਿਆ ਰਿਹਾ।

ਵਿਧਾਨ ਸਭਾ ਚੋਣਾਂ ਦਾ ਮਾਹੌਲ –

ਫ਼ਰਵਰੀ ਮਹੀਨੇ ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਇਹ ਚੋਣਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਉੱਤੇ ਲੜੀਆਂ। ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ – ਬਸਪਾ ਨੇ ਸੁਖਬੀਰ ਸਿੰਘ ਬਾਦਲ ਦੇ ਚਿਹਰੇ ਉੱਤੇ ਲੋਕਾਂ ਤੋਂ ਵੋਟਾਂ ਮੰਗੀਆਂ। ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਚਿਹਰੇ ਨੂੰ ਆਧਾਰ ਬਣਾ ਕੇ ਬਿਨਾਂ ਕਿਸੇ ਪਾਰਟੀ ਨਾਲ ਸਿਆਸੀ ਗੱਠਜੋੜ ਕੀਤੇ ਚੋਣ ਮੈਦਾਨ ਵਿੱਚ ਐਂਟਰੀ ਮਾਰੀ। ਚੋਣਾਂ ਦੌਰਾਨ ਕਾਫ਼ੀ ਸਿਆਸੀ ਰੰਗ ਦੇਖਣ ਨੂੰ ਮਿਲੇ। ਕਈ ਸੀਟਾਂ ਉੱਤੇ ਫਸਵਾਂ ਮੁਕਾਬਲਾ ਹੋਇਆ।ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਟਾਰ ਪ੍ਰਚਾਰਕ ਵਜੋਂ ਕੰਮ ਕਰਨ ਦੀ ਥਾਂ ਆਪਣੇ ਆਪ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੱਕ ਹੀ ਸੀਮਤ ਕਰ ਲਿਆ।ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੀ ਥਾਂ ਅੰਮ੍ਰਿਤਸਰ ਪੂਰਬੀ ਸੀਟ ਉੱਤੇ ਐਂਟਰੀ ਮਾਰ ਕੇ ਇਸ ਸੀਟ ਨੂੰ ਹੋਰ ਹੌਟ ਸੀਟ ਬਣਾ ਦਿੱਤਾ। ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਦੀ ਥਾਂ ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜੇ।

ਚੋਣਾਂ ’ਚ ਦਿੱਗਜ ਆਗੂਆਂ ਦੀ ਹਾਰ –

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਤੋਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 92 ਸੀਟਾਂ ਹਾਸਲ ਕਰ ਕੇ ਜਿੱਤ ਦਰਜ ਕੀਤੀ। ਕਈ ਦਿੱਗਜ ਆਗੂਆਂ ਨੂੰ ਇਹਨਾਂ ਚੋਣਾਂ ਵਿੱਚ ਹਾਰ ਮਿਲੀ ਅਤੇ ਕਈ ਨਵੇਂ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਪਹੁੰਚੇ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਅਕਾਲੀ ਆਗੂ ਜਾਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਭਗਵੰਤ ਮਾਨ ਨੇ ਪਹਿਲੀ ਵਾਰ ਚੰਡੀਗੜ੍ਹ ਦੀ ਥਾਂ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਲਿਆ।
ਸੱਤਾ ਪਰਿਵਰਤਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੰਮੀ ਵਿਦੇਸ਼ ਫੇਰੀ ਵੀ ਚਰਚਾ ਵਿੱਚ ਰਹੀ। ਪੰਜਾਬ ਵਿੱਚ ਕਾਂਗਰਸ ਦੀ ਕਮਾਨ ਇਸ ਵਕਤ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥ ਵਿੱਚ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣੀ ਪਾਰਟੀ ਨੂੰ ਭੰਗ ਕਰ ਕੇ ਬੀਜੇਪੀ ਵਿੱਚ ਸ਼ਾਮਲ ਹੋਣਾ ਵੀ ਥੋੜ੍ਹਾ ਬਹੁਤ ਸੁਰਖ਼ੀਆਂ ਵਿੱਚ ਰਿਹਾ।

ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗ਼ੀ ਸੁਰਾਂ –

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਮਾਯੂਸੀ ਸ਼੍ਰੋਮਣੀ ਅਕਾਲੀ ਦਲ ਨੂੰ ਦੇਖਣੀ ਪਈ। ਪਾਰਟੀ 117 ਵਿਚੋਂ ਸਿਰਫ਼ ਦੋ ਸੀਟਾਂ (ਮਜੀਠਾ ਅਤੇ ਦਾਖ਼ਾ) ਉੱਤੇ ਹੀ ਜਿੱਤ ਦਰਜ ਕਰ ਪਾਈ। ਇਸ ਹਾਰ ਤੋਂ ਬਾਅਦ ਅਕਾਲੀ ਦਲ ਦੀ ਲੀਡਰਸ਼ਿਪ ਉੱਤੇ ਸਵਾਲ ਖੜੇ ਹੋਏ ਅਤੇ ਚੋਣਾਂ ਵਿੱਚ ਪਾਰਟੀ ਦੀ ਮਾੜੀ ਹਾਲਤ ਲਈ ਝੂੰਦਾਂ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਨੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਕਮੇਟੀ ਆਪਣੀ ਰਿਪੋਰਟ ਪੂਰੀ ਕਰ ਪਾਉਂਦੀ, ਪਾਰਟੀ ਵਿੱਚ ਕਈ ਆਗੂਆਂ ਨੇ ਖੁੱਲ ਕੇ ਸੀਨੀਅਰ ਲੀਡਰਸ਼ਿਪ ਉੱਤੇ ਹਾਰ ਦੀ ਜ਼ਿੰਮੇਵਾਰੀ ਪਾਉਣੀ ਸ਼ੁਰੂ ਕਰ ਦਿੱਤੀ। ਅਜੇ ਤੱਕ ਝੂੰਦਾ ਕਮੇਟੀ ਦੀ ਰਿਪੋਰਟ ਜਨਤਕ ਨਹੀਂ ਹੋਈ ਪਰ ਬਗ਼ਾਵਤ ਦੇ ਬਾਵਜੂਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਿਲਹਾਲ ਆਪਣੀ ਕੁਰਸੀ ਉੱਤੇ ਬਣੇ ਹੋਏ ਹਨ। ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਜਾਗੀਰ ਕੌਰ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਇਲਜ਼ਾਮਾਂ ਵਿੱਚ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲੇ ਦੇ ਕੇ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ।

ਸਾਬਕਾ ਕਾਂਗਰਸ ਮੰਤਰੀਆਂ ਦੀ ਜੇਲ੍ਹ ਯਾਤਰਾ –

ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਵੱਡੀ ਸਿਆਸੀ ਉਥੱਲ ਪੁੱਥਲ ਦੇਖਣ ਨੂੰ ਮਿਲੀ। ਖ਼ਾਸ ਤੌਰ ਉੱਤੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਵਿਜੀਲੈਂਸ ਦੇ ਕੇਸਾਂ ਦੇ ਸਾਹਮਣਾ ਕਰਨਾ ਪਿਆ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ, ਸੰਗਤ ਸਿੰਘ ਗਿਲਜੀਆਂ ਨੂੰ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਾਂਗਰਸ ਹੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਵੀ ਕਥਿਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾ ਸਿਰਫ਼ ਆਪਣੀ ਕੁਰਸੀ ਤੋਂ ਹੱਥ ਧੋਣਾ ਪਿਆ ਸਗੋਂ ਜੇਲ੍ਹ ਯਾਤਰਾ ਵੀ ਕਰਨੀ ਪਈ। ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਹ ਇਸ ਵਕਤ ਪਟਿਆਲਾ ਜੇਲ੍ਹ ’ਚ ਸਜ਼ਾ ਕੱਟ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਡਰੱਗਜ਼ ਮਾਮਲੇ ਵਿੱਚ ਕਾਫ਼ੀ ਸਮਾਂ ਪਟਿਆਲਾ ਜੇਲ੍ਹ ਵਿੱਚ ਰਹੇ।

ਦੋ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਦੇ ਕਤਲ –

14 ਮਾਰਚ 2022 ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚੱਲਦੇ ਮੈਚ ਵਿੱਚ ਗੋਲੀਆਂ ਮਾਰ ਕੇ 5 ਹਮਲਾਵਰਾਂ ਵਲੋਂ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਵੇਲੇ ਦੀ ਸੀ, ਜਦੋਂ ਪੰਜਾਬ ਵਿੱਚ ਨਵੀਂ ਚੁਣੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਨਹੀਂ ਹੋਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ। ਅਪ੍ਰੈਲ ਮਹੀਨੇ ਵਿੱਚ ਪਟਿਆਲਾ ਦੇ ਪਿੰਡ ਦੌਣ ਕਲਾਂ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦਾ ਕਤਲ ਹੋਇਆ। ਪੁਲਿਸ ਨੇ ਇਸ ਕਤਲ ਦੇ ਕਾਰਨਾਂ ਦਾ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਇਹ ਕਤਲ ਨਿੱਜੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ। ਇੰਨ੍ਹਾਂ ਦੋਵਾਂ ਘਟਨਾਵਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ।

ਸਿੱਧੂ ਮੂਸੇਵਾਲ ਦਾ ਕਤਲ –

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਕੁਝ ਦਿਨ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਵਿਖੇ ਕਤਲ ਕਰ ਦਿੱਤਾ ਗਿਆ। ਦਿਨ ਦਿਹਾੜੇ ਹੋਏ ਇਸ ਕਤਲ ਦੀ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਤੱਕ ਚਰਚਾ ਹੋਈ। ਸਿੱਧੂ ਮੂਸੇਵਾਲ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ ਉੱਤੇ ਵਿਧਾਨ ਸਭਾ ਚੋਣ ਵੀ ਲੜੀ ਸੀ।
ਵੀਆਈਪੀ ਸੁਰੱਖਿਆ ਵਿੱਚ ਕਟੌਤੀ ਦੇ ਨਾਮ ਉੱਤੇ ਸਿੱਧੂ ਮੂਸੇਵਾਲ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਜਿਸ ਤੋਂ ਅਗਲੇ ਦਿਨ ਹੀ ਉਸ ਦਾ ਕਥਿਤ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ।ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਫ਼ਿਲਹਾਲ ਇਸ ਮਾਮਲੇ ਵਿੱਚ ਕਈ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਪਰ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਅਜੇ ਵੀ ਵਿਦੇਸ਼ ਵਿੱਚ ਹੈ। ਇਸ ਘਟਨਾ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਭਗਵੰਤ ਮਾਨ ਸਰਕਾਰ ਉੱਤੇ ਹਮਲਾ ਕਰਨ ਦਾ ਮੌਕਾ ਦੇ ਦਿੱਤਾ।

ਆਪ ਸਰਕਾਰ ਦਾ ਗ੍ਰਾਫ ਡਿੱਗਿਆ –

ਸੂਬੇ ਵਿੱਚ ਚਰਮਰਾਈ ਕਾਨੂੰਨ ਵਿਵਸਥਾ ਤੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਸੰਗਰੂਰ ਜ਼ਿਮਣੀ ਚੋਣਾਂ ਵਿੱਚ ਭੁਗਤਣਾ ਪਿਆ। 26 ਜੂਨ 2022 ਨੂੰ ਸੰਗਰੂਰ ਉਪ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਤੇ ਗਰਮ ਖਿਆਲੀ ਸਿਮਰਨਜੀਤ ਸਿੰਘ ਮਾਨ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ। ਸੰਗਰੂਰ ਉਪ-ਚੋਣ, 3 ਮਹੀਨਿਆਂ ਬਾਅਦ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਇਹ ਵੱਡਾ ਝਟਕਾ ਸੀ, ਕਿਉਂਕਿ ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਸੀ, ਉਥੋਂ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਅਜੇ ਤੱਕ ਆਪਣਾ ਆਧਾਰ ਕਾਇਮ ਨਹੀਂ ਕਰ ਸਕੀ।

ਸੁਧੀਰ ਸੁਰੀ ਤੇ ਡੇਰਾ ਪ੍ਰੇਮੀ ਦਾ ਕਤਲ –

ਪੰਜਾਬ ਵਿੱਚ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦੇ ਘਿਰੀ ਮਾਨ ਸਰਕਾਰ ਦੀਆਂ ਮੁਸ਼ਕਿਲਾਂ ਉਦੋਂ ਹੋਰ ਵੱਧ ਗਈਆਂ, ਜਦੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਸੁਰੱਖਿਆ ਛੱਤਰੀ ਹੇਠ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਵੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਡਾਂਵਾਂਡੋਲ ਸਥਿਤੀ ਉੱਤੇ ਪੰਜਾਬੀਆਂ ਵਿੱਚ ਡਰ ਪੈਦਾ ਹੋ ਗਿਆ ਸੀ ਕਿਉਂਕਿ ਲਗਾਤਾਰ ਪੰਜਾਬ ਵਿੱਚ ਖੂਨ ਖਰਾਬੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ। ਇੰਨਾਂ ਹੀ ਨਹੀਂ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਤੇ ਨਕੋਦਰ ਵਿੱਚ ਕਪੜਾ ਵਪਾਰੀ ਟਿੰਮੀ ਚਾਵਲਾ ਤੇ ਉਸ ਦੇ ਸੁਰੱਖਿਆ ਗਾਰਡ ਮਨਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਾਲਾਂਕਿ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਵਾਲਾਂ ਦੇ ਘੇਰੇ ਵਿੱਚ ਜ਼ਰੂਰ ਰਹੀ।

ਇੰਟੈਲੀਜੈਂਸ ਦਫ਼ਤਰ ਉੱਤੇ ਆਰਪੀਜੀ ਅਟੈਕ –

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਜਿਹੀ ਡਾਵਾਂਡੋਲ ਰਹੀ ਕਿ ਪੰਜਾਬ ਪੁਲਿਸ ਵੀ ਅਸੁਰੱਖਿਅਤ ਮਹਿਸੂਸ ਕਰਨ ਲੱਗੀ। 9 ਮਈ ਨੂੰ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਟਰ ਉੱਤੇ ਆਰਪੀਜੀ ਹਮਲਾ ਹੁੰਦਾ ਹੈ। ਇਸ ਘਟਨਾ ਨੇ ਪੂਰੇ ਦੇਸ਼ ਦੇ ਮੀਡੀਆ ਦਾ ਧਿਆਨ ਇੱਕ ਵਾਰ ਫਿਰ ਪੰਜਾਬ ਵੱਲ ਖਿੱਚਿਆ। ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਸੂਬੇ ਵਿੱਚ ਸਹਿਮ ਦਾ ਮਾਹੌਲ ਜ਼ਰੂਰ ਪੈਦਾ ਹੋ ਗਿਆ।
ਸਿਆਸੀ ਪਾਰਟੀਆਂ ਨੇ ਇਸ ਘਟਨਾ ਦੇ ਹਵਾਲੇ ਨਾਲ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ। ਇਸ ਹਮਲੇ ਵਿੱਚ 7 ਗ੍ਰਿਫਤਾਰੀਆਂ ਹੋਈਆਂ ਜਿੰਨ੍ਹਾਂ ਵਿੱਚੋਂ ਇਕ ਨਾਬਾਲਿਗ ਸੀ। 7 ਮਹੀਨੇ ਬਾਅਦ 10 ਦਸੰਬਰ ਨੂੰ ਤਰਨਤਾਰਨ ਦੇ ਸਰਹਾਲੀ ਸਥਿਤ ਇੱਕ ਸੁਵਿਧਾ ਸੈਂਟਰ ਉੱਤੇ ਆਰਪੀਜੀ ਹਮਲਾ ਹੋਇਆ ਸੀ। ਇੰਨ੍ਹਾਂ ਹਮਲਿਆਂ ਦੇ ਦੋਸ਼ੀਆਂ ਨੂੰ ਪੁਲਿਸ ਨੇ ਫੜਨ ਦਾ ਦਾਅਵਾ ਜ਼ਰੂਰ ਕੀਤਾ ਪਰ ਇਹ ਘਟਨਾਵਾਂ ਪੰਜਾਬ ਵਿੱਚ ਵਿਗੜੇ ਅਮਨ ਕਾਨੂੰਨ ਉੱਤੇ ਸਵਾਲ ਜ਼ਰੂਰ ਕਰ ਗਈਆਂ।

ਲਤੀਫਪੁਰਾ ਵਿੱਚ ਕੜਾਕੇ ਦੀ ਠੰਡ ਵਿੱਚ ਬੇਘਰ ਕੀਤੇ ਲੋਕ –

10 ਦਸੰਬਰ ਨੂੰ ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਨੂੰ ਘਰੋਂ ਬੇਘਰ ਕਰਨ ਦਾ ਮਾਮਲਾ ਵੀ ਸੜਕ ਤੋਂ ਸੰਸਦ ਤੱਕ ਗੂੰਜਿਆ। ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਉਤੇ 16 ਘਰਾਂ ਉੱਤੇ ਬੁਲਡੋਜ਼ਰ ਚਲਾ ਦਿੱਤੇ ਤੇ ਹੱਢ ਚੀਰਵੀਂ ਠੰਡ ਵਿੱਚ ਲੋਕਾਂ ਨੂੰ ਬੱਚਿਆਂ ਤੇ ਬਜ਼ੁਰਗਾਂ ਨਾਲ ਸੜਕਾਂ ਉੱਤੇ ਰੁਲਣ ਲਈ ਮਜ਼ਬੂਰ ਕਰ ਦਿੱਤਾ ਹਾਲਾਂਕਿ ਖਾਲਸਾ ਏਡ ਨੇ ਇੰਨ੍ਹਾਂ ਲੋਕਾਂ ਦੀ ਬਾਂਹ ਫੜ੍ਹੀ ਤੇ ਵਿਰੋਧੀ ਧਿਰਾਂ ਵਲੋਂ ਮਾਨ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ ਗਏ। ਦੂਜੇ ਪਾਸੇ ਸਰਕਾਰ ਨੇ ਕਿਰਕਿਰੀ ਤੋਂ ਬਚਣ ਲਈ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਭਰੋਸਾ ਦਿੱਤਾ, ਜਦੋਂ ਕਿ ਪੀੜਤ ਲੋਕਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਛੱਡ ਕੇ ਨਹੀਂ ਜਾਣਗੇ, ਜਿਸ ਜਗ੍ਹਾ ਤੋਂ ਉਨ੍ਹਾਂ ਦੇ ਘਰ ਢਾਹੇ ਗਾਏ ਉਥੇ ਹੀ ਘਰ ਬਣਾ ਕੇ ਦਿੱਤੇ ਜਾਣ।

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ –

ਇਕ ਪਾਸੇ ਲਤੀਫਪੁਰਾ ਮਾਮਲਾ ਭਖਿਆ ਤਾਂ ਦੂਜੇ ਹੀ ਪਾਸੇ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਬਾਹਰ 5 ਮਹੀਨੇ ਤੋਂ ਲੱਗੇ ਧਰਨੇ ਦਾ ਮਾਮਲਾ ਵੀ ਅਦਾਲਤ ਦੇ ਫੈਸਲੇ ਤੋਂ ਬਾਅਦ ਤੂਲ ਫੜ੍ਹ ਗਿਆ। ਦਰਅਸਲ ਜ਼ੀਰਾ ਵਿੱਚ 40 ਪਿੰਡਾਂ ਦੇ ਲੋਕ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਧਰਨਾ ਲਗਾ ਕੇ ਬੈਠੇ ਸਨ ਤੇ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਸੀ…ਅਦਾਲਤ ਦੇ ਫੈਸਲੇ ਮੁਤਾਬਿਕ ਜਿਥੇ ਸਰਕਾਰ ਨੂੰ ਫੈਕਟਰੀ ਮਾਲਿਕ ਨੂੰ 20 ਕਰੋੜ ਰੁਪਏ ਦਾ ਭੁਗਤਾਨ ਕਰਨਾ ਪਿਆ ਉਥੇ ਹੀ ਧਰਨਾਕਾਰੀਆਂ ਨੂੰ ਫੈਕਟਰੀ ਤੋਂ 300 ਮੀਟਰ ਦੂਰੀ ਉੱਤੇ ਧਰਨਾ ਲਗਾਉਣ ਦਾ ਹੁਕਮ ਦਿੱਤਾ ਗਿਆ। ਧਰਨਾਕਾਰੀਆਂ ਨੇ 300 ਮੀਟਰ ਦੂਰ ਧਰਨਾ ਲਗਾਉਣ ਤੋਂ ਇਨਕਾਰ ਕਰ ਦਿੱਤਾ ਤੇ ਫੈਕਟਰੀ ਬੰਦ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਪ੍ਰਦਰਸ਼ਕਾਰੀਆਂ ਉਤੇ ਲਾਠੀਆਂ ਵੀ ਵਰ੍ਹਾਈਆਂ ਗਈਆਂ ਤੇ ਅੰਤ ਸਰਕਾਰ ਨੇ ਕਮੇਟੀਆਂ ਬਣਾ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੇ ਹੁਕਮ ਦੇ ਦਿੱਤੇ ਹਨ ਹਾਲਾਂਕਿ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜੇ ਆਉਣ ਤੱਕ ਧਰਨਾ ਜਾਰੀ ਰੱਖਿਆ ਜਾ ਰਿਹਾ ਹੈ।