ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 4 ਵਿਅਕਤੀ ਰਣਜੀਤ ਸਿੰਘ ਕਤਲ ਮਾਮਲੇ ਵਿਚ ਦੋਸ਼ੀ ਕਰਾਰ

ਚੰਡੀਗੜ੍ਹ : ਬਲਾਤਕਾਰ ਅਤੇ ਕਤਲ ਮਾਮਲੇ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 4 ਵਿਅਕਤੀਆਂ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿਚ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ।

ਜਿਸ ਤੋਂ ਬਾਅਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ 12 ਅਕਤੂਬਰ ਨੂੰ ਸਜ਼ਾ ਸੁਣਾ ਸਕਦੀ ਹੈ।

ਜ਼ਿਕਰਯੋਗ ਹੈ ਕਿ 2002 ਵਿਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੁਰਮੀਤ ਰਾਮ ਰਹੀਮ ‘ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ ਅਤੇ ਕੁੱਝ ਡੇਰਾ ਪ੍ਰੇਮੀ ਵੀ ਇਸ ਮਾਮਲੇ ‘ਚ ਦੋਸ਼ੀ ਹਨ।

ਦੱਸ ਦੇਈਏ ਕਿ ਰਣਜੀਤ ਕਤਲ ਕੇਸ ਵਿਚ ਖੱਟਾ ਸਿੰਘ ਨੇ ਕਤਲ ਲਈ ਗੁਰਮੀਤ ਰਾਮ ਰਹੀਮ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਲਈ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ। ਉਹ ਸਿਹਤ ਜਾਂਚ ਅਤੇ ਐਮਰਜੈਂਸੀ ਜ਼ਮਾਨਤ ‘ਤੇ ਕਈ ਵਾਰ ਜੇਲ੍ਹ ਤੋਂ ਬਾਹਰ ਵੀ ਆ ਚੁੱਕਿਆ ਹੈ ਪਰ ਅਜੇ ਤੱਕ ਉਸ ਨੂੰ ਆਮ ਪੈਰੋਲ ਨਹੀਂ ਮਿਲੀ ਹੈ।

ਟੀਵੀ ਪੰਜਾਬ ਬਿਊਰੋ