ਜਲੰਧਰ ਦੇ 560 ਪਿੰਡਾਂ ਨੇ ਸੌ ਫੀਸਦੀ ਟੀਕਾਕਰਨ ਦਾ ਟੀਚਾ ਕੀਤਾ ਹਾਸਲ

ਜਲੰਧਰ : ਪੇਂਡੂ ਆਬਾਦੀ ਦੇ ਟੀਕਾਕਰਨ ਵਿਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਦਿਆਂ ਜ਼ਿਲ੍ਹਾ ਜਲੰਧਰ ਵੱਲੋਂ ਵੱਖ-ਵੱਖ ਹੈਲਥ ਬਲਾਕਾਂ ਅਧੀਨ ਆਉਂਦੇ 560 ਪਿੰਡਾਂ ਵਿਚ ਸੌ ਫੀਸਦੀ ਟੀਕਾਕਰਨ ਨੂੰ ਪੂਰਾ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿੰਡਾਂ ਵਿਚ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਸ ਵਿਸ਼ਾਲ ਮੁਹਿੰਮ ਤਹਿਤ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ 560 ਪਿੰਡਾਂ ਵਿਚ ਸਮੁੱਚੇ ਇਛੁੱਕ ਅਤੇ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਤਹਿਤ ਸੌ ਫੀਸਦੀ ਕਵਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਬਿਲਗਾ ਹੈਲਥ ਬਲਾਕ ਅਧੀਨ ਆਉਂਦੇ 36, ਜੰਡਿਆਲਾ ਦੇ 30, ਲੋਹੀਆਂ ਦੇ 15, ਬੜਾ ਪਿੰਡ ਦੇ 76, ਆਦਮਪੁਰ ਦੇ 48, ਬੁੰਡਾਲਾ ਦੇ 1, ਕਰਤਾਰਪੁਰ ਦੇ 44, ਮਹਿਤਪੁਰ ਦੇ 54, ਕਾਲਾ ਬੱਕਰਾ ਦੇ 85, ਜਮਸ਼ੇਰ ਦੇ 68 ਅਤੇ ਸ਼ਾਹਕੋਟ ਹੈਲਥ ਬਲਾਕ ਦੇ 103 ਪਿੰਡ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਾਇਰਸ ਤੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਲਈ ਅੱਗੇ ਆਉਣ ਦੀ ਅਪੀਲ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਮੋਬਾਈਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ 16 ਜਨਵਰੀ 2021 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 20 ਲੱਖ 50 ਹਜ਼ਾਰ ਵੱਧ ਖੁਰਾਕਾਂ ਪ੍ਰਦਾਨ ਕਰ ਕੇ 90 ਫੀਸਦੀ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ ਸਿਰ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜਿਥੇ ਪੰਚਾਇਤਾਂ ਅਤੇ ਸਰਪੰਚਾਂ ਦੇ ਲਗਾਤਾਰ ਰਾਬਤੇ ਵਿਚ ਹਨ ਉਥੇ ਪਿੰਡਾਂ ਦੇ ਵਸਨੀਕਾਂ ਵੱਲੋਂ ਇਨ੍ਹਾਂ ਯਤਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਪਿੰਡਾਂ ਨੂੰ ਵੀ ਵੈਕਸੀਨ ਦੀ ਉਪਲਬਧਤਾ ਦੇ ਅਨੁਸਾਰ ਕਵਰ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ 560 ਪਿੰਡਾਂ ਵਿਚ ਇਛੁੱਕ ਅਤੇ ਯੋਗ ਲਾਭਪਾਤਰੀਆਂ ਦਾ ਪਹਿਲੀ ਖੁਰਾਕ ਤਹਿਤ ਸੌ ਫੀਸਦੀ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਕੁਝ ਦਿਨਾਂ ਦੇ ਅੰਦਰ ਸੌ ਫੀਸਦੀ ਟੀਕਾਕਰਨ ਤਹਿਤ ਕਵਰ ਕਰ ਲਿਆ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਵਿਚ 90 ਫੀਸਦੀ ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੈਕਸੀਨ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਿੰਡ ਪੱਧਰ ‘ਤੇ ਵਿਸ਼ੇਸ਼ ਮੋਬਾਈਲ ਕੈਂਪ ਲਗਾ ਕੇ ਉਨ੍ਹਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਇਹ ਪ੍ਰਾਪਤੀ ਹਾਸਲ ਕੀਤੀ ਜਾ ਸਕੀ ਹੈ।

ਟੀਵੀ ਪੰਜਾਬ ਬਿਊਰੋ