6 ਲੋਕਾਂ ਨੇ ਪੀਤਾ ਮੌ.ਤ ਦਾ ਜਾਮ, ਜ਼ਹਿਰੀਲੀ ਸ਼ਰਾਬ ਬਣੀ ਕਾਰਣ

ਡੈਸਕ- ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮੰਡੇਬਰੀ ਪਿੰਡ ਦਾ ਹੈ। ਪਿੰਡ ਮੰਡੇਬਰੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਤੋਂ ਬਾਅਦ ਇਕ 4 ਲੋਕਾਂ ਦੀ ਮੌਤ ਹੋ ਗਈ। ਨਾਲ ਲੱਗਦੇ ਪਿੰਡ ਪੰਜੇਟੋ ਕੀ ਮਾਜਰੀ ਵਿੱਚ ਵੀ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਡਾਕਟਰਾਂ ਨੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਦੱਸਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਪੁਲਿਸ ਸੁਪਰਡੈਂਟ ਗੰਗਾਰਾਮ ਪੂਨੀਆ ਖੁਦ ਗਰਾਊਂਡ ਜ਼ੀਰੋ ਉਤੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਕੁਝ ਲੋਕਾਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ ਪਰ ਪੁਲਿਸ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ। ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕਈਆਂ ਨੇ ਤਾਂ ਖੂਨ ਦੀਆਂ ਉਲਟੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਦੇ ਚਾਰ ਹੋਰ ਵਿਅਕਤੀਆਂ ਦੀ ਵੀ ਇਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰ ਕੁਮਾਰ, ਵਿਸ਼ਾਲ ਸਰਵਨ ਅਤੇ ਮੇਹਰ ਚੰਦ ਵਜੋਂ ਹੋਈ ਹੈ।

ਐਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਦੁਪਹਿਰ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਟੀਮਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਐੱਸਪੀ ਯਮੁਨਾਨਗਰ ਨੇ ਦੱਸਿਆ ਕਿ ਇਸ ਕੇਸ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰਾ ਮਾਮਲਾ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।