ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼

ਜਲੰਧਰ : ਸਰਕਾਰ ਵਲੋਂ ਐਤਵਾਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਖ਼ੁਸ਼ੀ ਦੀ ਲਹਿਰ ਹੈ ਤੇ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਤੇਜ਼ ਹੋ ਗਈ ਹੈ।

ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਪੰਜਾਬ ਦੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਨਅਤ ਵਪਾਰ ਮੰਤਰੀ ਗੁਰਕੀਰਤ ਸਿੰਘ ਨੇ ਕੀਤਾ।

ਜਲੰਧਰ ਵਿਚ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਕੈਬਨਿਟ ਮੰਤਰੀ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਲੋੜੀਂਦੀ ਉਪਲੱਬਧਤਾ ਤੋਂ ਇਲਾਵਾ ਸਮੁੱਚੇ ਖ਼ਰੀਦ ਕੇਂਦਰਾਂ ਵਿਚ ਲਿਫ਼ਟਿੰਗ ਅਤੇ ਅਦਾਇਗੀ ਦੇ ਉਚਿਤ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਮਿਲੇਗੀ।

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਸਾਨਾਂ ਨੂੰ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਵਿਚ ਕੋਵਿਡ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿਚ ਸੁੱਕੀ ਫ਼ਸਲ ਲੈ ਕੇ ਆਉਣ ਲਈ ਕਿਹਾ। ਇਸ ਤੋਂ ਪਹਿਲਾਂ ਪ੍ਰਗਟ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਅਤੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ