ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਯੋਗਤਾ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦੇ ਪ੍ਰੋਗਰਾਮ ਅਨੁਸਾਰ ਨਿਸ਼ਚਿਤ ਮਿਤੀਆਂ ‘ਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਪੁਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਸ੍ਰੀ ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦੇ ਪ੍ਰੋਗਰਾਮ ਅਨੁਸਾਰ 06.11.2021 (ਦਿਨ ਸ਼ਨੀਵਾਰ) ਅਤੇ 07.11.2021 (ਦਿਨ ਐਤਵਾਰ) ਅਤੇ ਇਸ ਉਪਰੰਤ 20.11.2021 (ਦਿਨ ਸ਼ਨੀਵਾਰ) ਤੇ 21.11.2021(ਦਿਨ ਐਤਵਾਰ) ਨੂੰ ਸਬੰਧਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਯੋਗ ਵੋਟਰਾਂ ਪਾਸੋਂ ਵੋਟ ਬਣਾਉਣ, ਵੋਟ ਵਿਚ ਦਰੁੱਸਤੀ ਅਤੇ ਵੋਟਰ ਸੂਚੀ ਵਿਚ ਹੋਰ ਤਰੁੱਟੀਆਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨੂੰ ਇਨ੍ਹਾਂ ਨਿਸ਼ਚਿਤ ਮਿਤੀਆਂ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥਾਂ ’ਤੇ ਬੈਠਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਟੀਵੀ ਪੰਜਾਬ ਬਿਊਰੋ