ਚੰਡੀਗੜ੍ਹ : ਸੀ.ਬੀ.ਐਸ.ਈ. ਦੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਨੂੰ ਬਾਹਰ ਰੱਖਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਕੇਂਦਰ ਸਰਕਾਰ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜੋ ਮਹੱਤਵ ਉਹ ਵੱਖ -ਵੱਖ ਰਾਜਾਂ ਦੀਆਂ ਖੇਤਰੀ ਭਾਸ਼ਾਵਾਂ ਨੂੰ ਦਿੰਦੇ ਹਨ।
ਜ਼ਿਕਰਯੋਗ ਹੈ ਕਿ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਕੱਢ ਦਿੱਤਾ ਹੈ। ਸੀ ਬੀ ਐਸ ਈ ਦੇ ਪੰਜਾਬੀ ਤੇ ਹੋਰ ਮਾਤ ਭਾਸ਼ਾਵਾਂ ਨੂੰ ਗੌਣ ਦਰਜਾ ਦੇਣ ਦੇ ਨਿਰਣੇ ਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਵੀ ਸਖ਼ਤ ਨਿਖੇਧੀ ਕੀਤੀ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਸੀ ਬੀ ਐਸ ਈ ਸਿੱਖਿਆ ਤੇ ਭਾਸ਼ਾ ਬਾਰੇ ਦੁਨੀਆਂ ਦਾ ਸਭ ਤੋਂ ਅਨਪੜ੍ਹ ਬੋਰਡ ਹੈ।
ਇਸ ਦੀਆਂ ਸਾਰੀਆਂ ਨੀਤੀਆਂ ਦੁਨੀਆਂ ਭਰ ਦੀ ਮਾਹਿਰ ਰਾਇ, ਖੋਜ, ਅਤੇ ਸਫ਼ਲ ਵਿਹਾਰ ਦੇ ਪੂਰੀ ਤਰ੍ਹਾਂ ਉਲਟ ਹਨ। ਇਸ ਦਾ ਇਕੋ-ਇਕ ਟੀਚਾ ਅੰਗਰੇਜ਼ੀ ਭਾਸ਼ਾ ਨੂੰ ਥੰਮ੍ਹਣਾ ਬਣਾ ਕੇ ਨਿੱਜੀ ਸਿੱਖਿਆ ਮਾਫ਼ੀਏ ਦੀਆਂ ਤਜੌਰੀਆਂ ਭਰਨਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।
ਟੀਵੀ ਪੰਜਾਬ ਬਿਊਰੋ