YFC ਰੁੜਕਾ ਕਲਾਂ ਨੂੰ 10 ਲੱਖ ਦੀ ਗਰਾਂਟ ਦੇਣ ਦਾ ਐਲਾਨ

ਜਲੰਧਰ : ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਪਿੰਡ ਰੁੜਕਾ ਕਲਾਂ ਅਤੇ ਜੰਡਿਆਲਾ ਮੰਝਕੀ ਦਾ ਦੌਰਾ ਕੀਤਾ ਗਿਆ, ਜਿਥੇ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਉਨ੍ਹਾਂ ਵੱਲੋਂ ਖੇਡ ਕਿੱਟਾਂ ਵੰਡਣ ਤੋਂ ਇਲਾਵਾ ਯੂਥ ਫੁੱਟਬਾਲ ਕਲੱਬ ਨੂੰ 10 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਮੰਤਰੀ ਨੇ ਪ੍ਰਵਾਸੀ ਭਾਰਤੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਖੇਡਾਂ ਲਈ ਉਪਰਾਲਿਆਂ ਨੂੰ ਤੇਜ਼ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਮੰਤਰੀ ਵੱਲੋਂ ਜਿਥੇ ਜਤਿਨ ਮੱਲਣ, ਜਿਹੜੇ ਲੌਰੀਅਸ ਆਈਡਬਲਿਊਸੀ ਡਰਾਇੰਗ ਮੁਕਾਬਲਾ ਜਿੱਤਣ ਵਾਲੇ ਤੀਜੇ ਭਾਰਤੀ ਬਣੇ ਹਨ, ਨੂੰ ਸਨਮਾਨਿਤ ਵੀ ਕੀਤਾ ਗਿਆ ਉਥੇ ਵਾਈਐਫਸੀ ਵਿਖੇ ਬੱਚਿਆਂ ਨੂੰ ਖੇਡ ਕਿੱਟਾਂ ਵੀ ਸੌਂਪੀਆਂ ਗਈਆਂ।

ਉਭਰਦੇ ਖਿਡਾਰੀਆਂ ਅਤੇ ਵਾਈ.ਐਫ.ਸੀ. ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਗਤੀਵਿਧੀਆਂ ਨੂੰ ਹੇਠਲੇ ਪੱਧਰ ‘ਤੇ ਖਾਸ ਕਰਕੇ ਪਿੰਡਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈ.ਐਫ.ਸੀ. ਵੱਲੋਂ ਨਿਭਾਈ ਗਈ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਹੈ ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਕੈਬਨਿਟ ਮੰਤਰੀ ਵੱਲੋਂ ਰੁੜਕਾ ਕਲਾਂ ਵਿਖੇ ਵਾਈਐਫਸੀ ਵੱਲੋਂ 15 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਬਹੁਮੰਤਵੀ ਖੇਡ ਸਟੇਡੀਅਮ ਦਾ ਵੀ ਦੌਰਾ ਵੀ ਕੀਤਾ ਗਿਆ।

ਦੋਆਬਾ ਯੰਗ ਸਪੋਰਟਸ ਕਲੱਬ ਵੱਲੋਂ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਕਲੱਬ ਲਈ ਇਕ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਮੈਂਬਰਾਂ ਨੂੰ ਪਿੰਡ ਵਿਚ ਖੇਡ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।

ਉਨ੍ਹਾਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਵਧੀਆ ਸਿਖਲਾਈ ਦੇਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਦੌਰਾਨ ਮੰਤਰੀ ਨੇ ਗ੍ਰਾਮ ਪੰਚਾਇਤ ਜੰਡਿਆਲਾ ਮੰਝਕੀ ਨੂੰ ਵਿਕਾਸ ਕਾਰਜਾਂ ਲਈ 71 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਕਤ ਫੰਡ ਇਕ ਹਫ਼ਤੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਟੀਵੀ ਪੰਜਾਬ ਬਿਊਰੋ