ਚੰਡੀਗੜ੍ਹ- ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।
ਇਸਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਦੇ ਹੋਏ ਅਸ਼ਵਨੀ ਸ਼ਰਮਾ (Ashwani Sharma)ਨੇ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਹੁਣ ਡਰਾਮੇਬਾਜ਼ੀ ‘ਤੇ ਉਤਰ ਆਈ ਹੈ। ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ਵਿੱਚ ਪਾਰਟੀ ਕੋਈ ਸਬੂਤ ਪੇਸ਼ ਨਹੀਂ ਕਰ ਰਹੀ। ਉਹ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵੱਡੇ-ਵੱਡੇ ਦੋਸ਼ ਲਗਾ ਰਹੀ ਹੈ।
ਜਿਕਰਯੋਗ ਹੈ ਕਿ ‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਪੰਜਾਬ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਗਈ | ਪੰਜਾਬ ਪੁਲਿਸ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੂਲ ਰੂਪ ਵਿੱਚ ਐਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਮਿਆਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਹੁਣ ਆਪਰੇਸ਼ਨ ਲੋਟਸ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਜਾਵੇਗੀ।