ਡੈਸਕ- ਖਾਲਿਸਤਾਨੀ ਵਿਚਾਰਧਾਰਾ ਨੂੰ ਸਮਰਥਨ ਦੇਣ ਵਾਲਿਆਂ ਖਿਲਾਫ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਾਰਵਾਈ ਭਾਰਤ ਚ ਤਾਂ ਜਾਰੀ ਹੀ ਸੀ । ਹੁਣ ਵਿਦੇਸ਼ਾਂ ਤੋਂ ਭਾਰਤ ਦੇ ਮਾਮਲਿਆਂ ‘ਤੇ ਸਖਤ ਬਿਆਂਨਬਾਜੀ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ । ਵਿਦੇਸ਼ਾਂ ਵਿੱਚ ਭਾਰਤੀ ਅੰਬੈਸੀ ਤੇ ਹਾਈ ਕਮਿਸ਼ਨਾਂ ‘ਤੇ ਹਮਲੇ ਤੋਂ ਬਾਅਦ ਟਵਿੱਟਰ ਨੇ ਵੱਡੀ ਕਾਰਵਾਈ ਕਰਦੇ ਹੋਏ ਦੇਸ਼ ਵਿੱਚ ਖਾਲਿਸਤਾਨੀ ਸਮਰਥਕਾਂ ਦੇ ਟਵਿੱਟਰ ਅਕਾਊਂਟ ਸੋਮਵਾਰ ਨੂੰ ਬਲਾਕ ਕਰ ਦਿੱਤੇ। ਇਨ੍ਹਾਂ ਬਲਾਕ ਕੀਤੇ ਖਾਤਿਆਂ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਆਫ ਕੈਨੇਡਾ ਦੇ ਆਗੂ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਵੀ ਸ਼ਾਮਲ ਹੈ। ਦਰਅਸਲ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਕਾਰਵਾਈ ਦੇ ਵਿਰੋਧ ਤੋਂ ਬਾਅਦ ਅਕਾਊਂਟ ਬਲਾਕ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਕੈਨੇਡੀਅਨ ਕਵਿੱਤਰੀ ਰੂਪੀ ਕੌਰ, ਕਾਰਕੁੰਨ ਗੁਰਦੀਪ ਸਿੰਘ ਸਹੋਤਾ ਦੇ ਟਵਿੱਟਰ ਅਕਾਊਂਟ ਵੀ ਬਲਾਕ ਕਰ ਦਿੱਤੇ ਗਏ ਹਨ। ਜਗਮੀਤ ਸਿੰਘ ਭਾਰਤ ਵਿਰੋਧੀ ਟਿੱਪਣੀਆਂ ਲਈ ਜਾਣੇ ਜਾਂਦੇ ਹਨ, ਇਸ ਲਈ ਉਨ੍ਹਾਂ ਦਾ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ। ਦਰਅਸਲ, ਐਤਵਾਰ 19 ਮਾਰਚ ਨੂੰ ਖਾਲਿਸਤਾਨੀ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਕੀਤੀ ਅਤੇ ਤਿਰੰਗੇ ਨੂੰ ਹੇਠਾਂ ਉਤਾਰ ਦਿੱਤਾ। ਇਸ ਦੇ ਨਾਲ ਹੀ ਖਾਲਿਸਤਾਨੀ ਅਨਸਰਾਂ ਨੇ ਅਮਰੀਕਾ ਦੇ ਸੇਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ‘ਤੇ ਹਮਲਾ ਕਰ ਦਿੱਤਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਭਾਰਤ ਨੇ ਅਜਿਹੇ ਹਮਲਿਆਂ ਦੀਆਂ ਖ਼ਬਰਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਵਿਦੇਸ਼ ਮੰਤਰਾਲੇ (MEA) ਨੇ ਲੰਦਨ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸੇਨ ਫਰਾਂਸਿਸਕੋ ਵਿੱਚ ਹੋਈ ਭੰਨ-ਤੋੜ ਤੋਂ ਬਾਅਦ ਭਾਰਤ ਨੇ ਦਿੱਲੀ ਵਿੱਚ ਅਮਰੀਕੀ ਚਾਰਜ ਡੀ ਅਫੇਅਰਜ਼ ਨਾਲ ਹੋਈ ਮੀਟਿੰਗ ਵਿੱਚ ਆਪਣਾ ਸਖ਼ਤ ਵਿਰੋਧ ਪ੍ਰਗਟਾਇਆ, ਜਿਸ ’ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ, ‘‘ਅਸੀਂ ਭਾਰਤ ਦੇ ਕੂਟਨੀਤਕ ਅਤੇ ਉਹ ਅਧਿਕਾਰੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”