STF ਵੱਲੋਂ ਬਰਖਾਸਤ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ

ਚੰਡੀਗੜ੍ਹ: ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਅਤੇ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼ ਜਾਂਚ ਲਈ ਲੋੜੀਂਦਾ ਪੱਤਰ ਬਿਊਰੋ ਨੂੰ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿੱਚ ਜਲਦੀ ਪੜਤਾਲ ਮੁਕੰਮਲ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਲੰਘੇ ਦਿਨ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਸਿਟ ਦੀਆਂ ਰਿਪੋਰਟਾਂ ਵਿੱਚ ਬਰਖਾਸਤ ਪੁਲੀਸ ਅਧਿਕਾਰੀ ਵੱਲੋਂ ਮੁਹਾਲੀ ਜ਼ਿਲ੍ਹੇ ਤੇ ਹੋਰਨਾਂ ਥਾਵਾਂ ’ਤੇ ਜਾਇਦਾਦ ਖ਼ਰੀਦਣ ਦੇ ਤੱਥ ਸਾਹਮਣੇ ਲਿਆਂਦੇ ਸਨ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ਅਤੇ ਉਸਦੇ ਪਰਿਵਾਰ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਲਿਖਿਆ ਹੈ। ਸਪੈਸ਼ਲ ਟਾਸਕ ਫੋਰਸ ਨੇ ਬਰਖਾਸਤ ਅਧਿਕਾਰੀ ਰਾਜ ਜੀਤ ਸਿੰਘ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਜਦੋਂ ਰਾਜਜੀਤ ‘ਤੇ ਇਹ ਵੱਡੀ ਕਾਰਵਾਈ ਕੀਤੀ ਗਈ, ਉਦੋਂ ਤੋਂ ਹੀ ਦੋਸ਼ੀ ਰੂਪੋਸ਼ ਚੱਲ ਰਿਹਾ ਹੈ।

ਰਾਜਜੀਤ ਦੇ ਬਰਖਾਸਤ ਹੋਣ ਤੋਂ ਬਾਅਦ ਹੀ ਮੁਲਜ਼ਮ ਦੀ ਭਾਲ ਜਾਰੀ ਹੈ ਪਰ ਉਸੇ ਦਿਨ ਤੋਂ ਮੁਲਜ਼ਮ ਫਰਾਰ ਦੱਸਿਆ ਜਾਂਦਾ ਹੈ। ਇਸ ਤੋਂ ਬਾਅਦ ਐੱਲ.ਓ.ਸੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 2017 ‘ਚ ਜਦੋਂ ਮੁਲਜ਼ਮ ਤਰਨਤਾਰਨ ਦੇ ਐੱਸਐੱਸਪੀ ਸੀ, ਉਸ ਸਮੇਂ 4 ਕਿਲੋ ਹੈਰੋਇਨ ਬਰਾਮਦ ਹੋਈ ਸੀ, ਉਸ ਮਾਮਲੇ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਜਦੋਂ ਮੁਲਜ਼ਮ ਤਰਨਤਾਰਨ ਦੇ ਐਸਐਸਪੀ ਸੀ, ਉਸ ਸਮੇਂ ਐਨਡੀਪੀਐਸ ਦੇ 50 ਤੋਂ ਵੱਧ ਸੈਂਪਲ ਫੇਲ੍ਹ ਹੋ ਗਏ ਸਨ, ਜਿਸ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਅਤੇ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।