ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਆਪਣੇ ਮੰਤਰਾਲੇ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਕੂਲਾਂ ਵਿੱਚ ਸਮੇਂ ਸਿਰ ਕਿਤਾਬਾਂ ਆਈਆਂ ਹਨ। ਬੱਚਿਆਂ ਦੀ ਵਰਦੀ ਵੀ ਜਲਦੀ ਆ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਿੱਚ ਵੀ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਪਿਛਲੀ ਸਰਕਾਰ ਦਾ ਰਿਕਾਰਡ 7 ਫੀਸਦੀ ਸੀ ਜਦੋਂ ਕਿ ਇਸ ਵਾਰ 13 ਫੀਸਦੀ ਦਾਖਲਾ ਵਾਧਾ ਹੋਇਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 200 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਦੇ ਹੋਏ ਜਲਦੀ ਹੀ ਅਧਿਆਪਕਾਂ ਦੀ ਭਰਤੀ ਕੀਤੀ ਗਈ।