ਡੈਸਕ- ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਸ਼ੁਕਰਵਾਰ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਰਵਾਰ ਨਾਲ ਜੁੜੇ ਸੂਤਰਾਂ ਨੇ ਦਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਜੋਸ਼ੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਬੁਧਵਾਰ ਨੂੰ ਇਥੇ ਪੀਡੀ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਹਸਪਤਾਲ ਨੇ ਵੀਰਵਾਰ ਨੂੰ ਇਕ ਬਿਆਨ ‘ਚ ਕਿਹਾ ਸੀ ਕਿ ਜੋਸ਼ੀ (86) ਦੀ ਹਾਲਤ ਕਾਫੀ ਨਾਜ਼ੁਕ ਹੈ। ਸ਼ਿਵ ਸੈਨਾ ਦੇ ਦਿੱਗਜ ਨੇਤਾਵਾਂ ਵਿਚੋਂ ਇਕ ਜੋਸ਼ੀ ਨੂੰ ਪਿਛਲੇ ਸਾਲ ਮਈ ਵਿਚ ਦਿਮਾਗ਼ ਦਾ ਦੌਰਾ ਪੈਣ ਤੋਂ ਬਾਅਦ ਇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।
ਜੋਸ਼ੀ 1995 ਤੋਂ 1999 ਤਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਅਤੇ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਅਣਵੰਡੇ ਸ਼ਿਵ ਸੈਨਾ ਦੇ ਪਹਿਲੇ ਆਗੂ ਸਨ। ਜੋਸ਼ੀ ਸੰਸਦ ਮੈਂਬਰ ਵੀ ਚੁਣੇ ਗਏ ਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ 2002 ਤੋਂ 2004 ਤਕ ਲੋਕ ਸਭਾ ਦੇ ਸਪੀਕਰ ਰਹੇ ਸਨ।