ਚੰਡੀਗੜ੍ਹ: ਪੰਜਾਬ ਵਿੱਚ ਹੁਣ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ।
ਇਸ ਕਾਰਨ 26 ਤੋਂ 27 ਅਪ੍ਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ।
ਚੰਡੀਗੜ੍ਹ, ਰੂਪਨਗਰ, ਅੰਮ੍ਰਿਤਸਰ, ਬਰਨਾਲਾ ਅਤੇ ਪਟਿਆਲਾ ਵਿੱਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਬਾਅਦ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।