ਸਾਬਕਾ ਮੰਤਰੀ ਸੰਦੀਪ ਸਿੰਘ ਦੀਆਂ ਵਧੀਆਂ ਮੁਸੀਬਤਾਂ, ਮਹਿਲਾ ਕੋਚ ਨਾਲ ਛੇੜਛਾੜ ਮਾਮਲੇ ‘ਚ ਦੋਸ਼ ਆਇਦ

ਡੈਸਕ- ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਸੰਦੀਪ ਸਿੰਘ ‘ਤੇ ਦੋਸ਼ ਆਇਦ ਕਰਨ ‘ਚ ਇੱਕ ਸਾਲ ਤੋਂ ਵੱਧ ਸਮਾਂ ਲੱਗ ਗਿਆ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਸਾਬਕਾ ਮੰਤਰੀ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 354, 354 ਏ, 354 ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਸਨ। ਹੁਣ ਇਸ ਮਾਮਲੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਕੇਸ ਚਲਾਇਆ ਜਾਵੇਗਾ ਅਤੇ ਅਗਲੀ ਸੁਣਵਾਈ ਵਿੱਚ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ‘ਚ ਸ਼ਾਮਲ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਕੇਸ ਚੱਲ ਰਿਹਾ ਹੈ। ਇਸੇ ਦੌਰਾਨ 29 ਜੁਲਾਈ ਨੂੰ ਮੁਲਜ਼ਮ ਸਾਬਕਾ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ 26 ਦਸੰਬਰ 2022 ਨੂੰ ਜੂਨੀਅਰ ਮਹਿਲਾ ਕੋਚ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।

ਜੂਨੀਅਰ ਮਹਿਲਾ ਕੋਚ ਨੇ ਮੰਤਰੀ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ 31 ਦਸੰਬਰ ਨੂੰ ਰਾਤ 11 ਵਜੇ ਸੈਕਟਰ-26 ਥਾਣੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਨੇ ਸਾਬਕਾ ਖੇਡ ਮੰਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 342, 354, 354ਏ, 354ਬੀ, 506 ਤਹਿਤ ਕੇਸ ਦਰਜ ਕੀਤਾ ਸੀ।

ਮਾਮਲਾ ਦਰਜ ਹੋਣ ਤੋਂ ਬਾਅਦ ਜਦੋਂ ਮਾਮਲਾ ਵਧਿਆ ਤਾਂ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ। ਮਾਮਲੇ ਦੀ ਜਾਂਚ ਲਈ ਡੀਐਸਪੀ (ਪੂਰਬੀ) ਪਲਕ ਗੋਇਲ ਦੀ ਨਿਗਰਾਨੀ ਹੇਠ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਇਸ ਵਿੱਚ ਸਾਈਬਰ ਥਾਣਾ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ, ਮਹਿਲਾ ਥਾਣਾ ਇੰਚਾਰਜ ਇੰਸਪੈਕਟਰ ਊਸ਼ਾ ਅਤੇ ਇੱਕ ਮਹਿਲਾ ਐਸਆਈ ਸ਼ਾਮਲ ਸਨ। ਐਸਆਈਟੀ ਜਾਂਚ ਤੋਂ ਬਾਅਦ ਪੁਲਿਸ ਨੇ ਸੰਦੀਪ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 509 ਵੀ ਜੋੜ ਦਿੱਤੀ ਹੈ। ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ‘ਤੇ ਖੇਡ ਵਿਭਾਗ ‘ਚ ਕੰਮ ਕਰ ਰਹੀ ਇੱਕ ਜੂਨੀਅਰ ਮਹਿਲਾ ਕੋਚ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ।