ਡੈਸਕ- ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੇ ਕਲੇਸ਼ ਵਿਚਾਲੇ ਵੱਡੀ ਖਬਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਖੁਦ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। 2 ਵਾਰ ਦੇ ਰਾਜ ਸਭਾ ਮੈਂਬਰ ਰਹਿ ਚੁੱਕੇ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹੇ ਹਨ। ਪਰ ਇਸ ਵਿਚਾਲੇ ਵੱਡਾ ਸਵਾਲ ਇਹ ਖੜਾ ਹੋ ਰਿਹਾ ਹੈ ਕਿ ਕੀ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਗੇ।
ਦੱਸ ਦਈਏ ਕਿ 30 ਅਗਸਤ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਉਸਤੋਂ ਠੀਕ ਪਹਿਲਾਂ ਸੁਖਬੀਰ ਬਾਦਲ ਵੱਲੋਂ ਲਏ ਗਏ ਇਸ ਫੈਸਲੇ ਪਿੱਛੇ ਕਈ ਤਰ੍ਹਾਂ ਦੀਆਂ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਉੱਧਰ ਪਾਰਟੀ ਦਾ ਬਾਗੀ ਧੜਾ ਹਾਲੇ ਵੀ ਇਸ ਫੈਸਲੇ ਤੋਂ ਖੁਸ਼ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਹਨ, ਇਸ ਲਈ ਉਨ੍ਹਾਂ ਨੂੰ ਸਿਰਫ਼ ਇੱਕ ਮੋਹਰਾ ਬਣਾਇਆ ਗਿਆ ਹੈ। ਬਾਗੀ ਧੜੇ ਦੀ ਆਗੂ ਬੀਬੀ ਜਾਗੀਰ ਕੌਰ ਦਾ ਕਹਿਣਾ ਹੈ ਕਿ ਇਸ ਨਾਲ ਪਾਰਟੀ ਵਿੱਚ ਟੁੱਟ ਹੋਰ ਵੀ ਵਧੇਗੀ। ਭੁੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਕਿਸੇ ਵੀ ਸੱਮਸਿਆ ਦਾ ਹੱਲ ਨਹੀਂ ਹੈ। ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਉੱਧਰ ਇਸ ਮਾਮਲੇ ਦੇ ਜਾਣਕਾਰਾਂ ਦੀ ਮੰਨੀਏ ਤਾਂ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਫੈਸਲਿਆਂ ਤੋਂ ਨਰਾਜ਼ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਬਾਗੀ ਧੜਾ ਅਕਾਲੀ ਦਲ ਤੋਂ ਵੱਖ ਹੋ ਕੇ ਖੁਦ ਨੂੰ ਪਾਕ-ਸਾਫ ਨਹੀਂ ਕਰਾਰ ਦੇ ਸਕਦਾ। ਜਿਸ ਸਮੇਂ ਸੁਖਬੀਰ ਸਿੰਘ ਬਾਦਲ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਫੈਸਲਾ ਲਿਆ ਗਿਆ ਸੀ ਉਦੋਂ ਇਹ ਸਾਰੇ ਬਾਗੀ ਵੀ ਪਾਰਟੀ ਦਾ ਅਹਿਮ ਹਿੱਸਾ ਸਨ।
ਅੱਜ ਹੋਣੀ ਹੈ ਸ੍ਰੀ ਅਕਾਲ ਤਖ਼ਤ ‘ਤੇ ਇੱਕਤਰਤਾ
ਅੱਜ ਯਾਨੀ 30 ਅਗਸਤ ਨੂੰ ਸਵੇਰੇ 11 ਵਜੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣੀ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਕੋਈ ਵੱਡਾ ਹੁਕਮ ਜਾਰੀ ਕੀਤਾ ਜਾ ਸਕਦਾ ਹੈ। ਹਾਲਾਂਕਿ ਮੰਨਿਆ ਇਹ ਵੀ ਜਾ ਰਿਹਾ ਹੈ ਕਿ ਇਸ ਬਾਰੇ ਜਲਦਬਾਜ਼ੀ ਵਿੱਚ ਕੋਈ ਫੈਸਲਾ ਨਹੀਂ ਲਿਆ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਪੂਰੀ ਡੁੰਘਾਈ ਨਾਲ ਇਸ ਮੁੱਦੇ ਤੇ ਸਿੰਘ ਸਾਹਿਬਾਨਾਂ ਨਾਲ ਵਿਚਾਰ ਚਰਚਾ ਕਰਨਗੇ, ਉਸਤੋਂ ਬਾਅਦ ਹੀ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਜਾ ਸਕਦਾ ਹੈ।