ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫੈਸਲਾ

ਡੈਸਕ- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਸਿੰਘ ਸਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਨਿਮਾਣੇ ਸਿੱਖ ਵਾਂਗ ਪੇਸ਼ ਹੋਣ ਸੁਖਬੀਰ- ਸਿੰਘ ਸਾਹਿਬ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋਣਾ ਚਾਹੀਦਾ ਹੈ।

ਦਰਅਸਲ ਮਈ 2007 ਵਿੱਚ, ਪੰਜਾਬ ਦੇ ਬਠਿੰਡਾ ਵਿੱਚ ਡੇਰਾ ਸਲਾਵਤਪੁਰਾ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਦੇ ਪਹਿਰਾਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਿੱਖਾਂ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਤਸਵੀਰਾਂ ਵਿੱਚ ਉਹ ਜਿਸ ਪਹਿਰਾਵੇ ਵਿੱਚ ਨਜ਼ਰ ਆ ਰਿਹਾ ਹੈ, ਉਹ ਉਨ੍ਹਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪਹਿਰਾਵੇ ਦੀ ਨਕਲ ਹੈ।

ਇਸ ਦੇ ਵਿਰੋਧ ਵਿੱਚ ਬਠਿੰਡਾ ਵਿੱਚ ਡੇਰਾ ਮੁਖੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਡੇਰਾ ਪ੍ਰੇਮੀਆਂ ਨੇ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਉੱਤਰੀ ਭਾਰਤ ਵਿਚ ਕਈ ਥਾਵਾਂ ‘ਤੇ ਸਿੱਖਾਂ ਅਤੇ ਡੇਰਾ ਪ੍ਰੇਮੀਆਂ ਵਿਚਾਲੇ ਝੜਪਾਂ ਹੋਈਆਂ।