ਡੈਸਕ- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੱਜ ਪੰਜਾਬ ਵਾਸੀਆਂ ਨੂੰ ਦੋ ਝਟਕੇ ਦਿੱਤੇ ਹਨ।7 ਕਿਲੋਵਾਟ ਵਾਲਿਆਂ ਦੀ 3 ਰੁਪਏ ਬਿਜਲੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਦੂਜਾ ਸੂਬੇ ਚ ਪੈਟਰੋਲ ਅਤੇ ਡੀਜ਼ਲ ਨੂੰ ਹੋਰ ਮਹਿੰਗਾ ਕਰ ਦਿੱਤਾ ਗਿਆ ਹੈ। ਇਹ ਫੈਸਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁਲਾਈ ਗਈ ਕੈਬਨਿਟ ਬੈਠਕ ਚ ਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਸਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜੋ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।