ਪੰਜਾਬ ’ਚ ਭਾਰੀ ਮੀਂਹ ਪੈਣ ਨਾਲ ਬਦਲਿਆ ਮੌਸਮ, ਕਈ ਇਲਾਕਿਆਂ ਵਿਚ ਲੱਗੀ ਝੜੀ

ਡੈਸਕ- ਪੰਜਾਬ ਵਿਚ ਮੌਸਮ ਠੰਢਾ ਹੋ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਤੇਜ਼ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਇਕੱਠਾ ਹੋ ਗਿਆ ਹੈ।

ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਨਾਲ ਤਾਪਮਾਨ ’ਚ ਵੀ ਗਿਰਾਵਟ ਦਰਦ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਭਾਗ ਅਨੁਸਾਰ ਤੇਜ਼ ਧੁੱਪ ਕਾਰਨ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਤੋਂ ਪਾਰ ਹੋ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਇਹ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।