ਨਗਰ ਨਿਗਮ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜਲੰਧਰ ਸਾਬਕਾ ਮੇਅਰ AAP ‘ਚ ਸ਼ਾਮਲ

ਡੈਸਕ- ਪੰਜਾਬ ‘ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਮੇਅਰ ਜਗਦੀਸ਼ ਰਾਜਾ ਆਪਣੀ ਪਤਨੀ ਅਨੀਤਾ ਨਾਲ ‘ਆਪ’ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਗਦੀਸ਼ ਰਾਜਾ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੇ ਪਾਰਟੀ ‘ਚ ਸ਼ਾਮਲ ਕੀਤਾ ਹੈ।

ਅਜਿਹੇ ‘ਚ ਕਾਂਗਰਸ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਨੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਜਗਦੀਸ਼ ਰਾਜਾ ਨੂੰ ਵੱਡੇ ਅਹੁਦੇ ‘ਤੇ ਨਿਯੁਕਤ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਵੀ ਆਪਣੀ ਪਤਨੀ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਵਾਰ ਆਪ ਪਾਰਟੀ ਨੇ ਵਲੰਟੀਅਰਾਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਵਲੰਟੀਅਰਾਂ ਤੋਂ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਹਾਲ ਹੀ ਵਿੱਚ ਆਈਟੀਓ ਹਰਭਜਨ ਸਿੰਘ ਨੇ ਕਿਹਾ ਸੀ ਕਿ ਪਾਰਟੀ ਅਰਜ਼ੀਆਂ ਦਾ ਸਰਵੇਖਣ ਕਰੇਗੀ ਅਤੇ ਉਸ ਦੇ ਆਧਾਰ ਤੇ ਉਮੀਦਵਾਰਾਂ ਨੂੰ ਟਿਕਟਾਂ ਦੇਵੇਗੀ। ਸੂਤਰਾਂ ਮੁਤਾਬਕ ਪਾਰਟੀ ਜਲਦੀ ਹੀ ਜਗਦੀਸ਼ ਰਾਜਾ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਆਪਣੀ ਪਤਨੀ ਸਮੇਤ ‘ਆਪ’ ਪਾਰਟੀ ‘ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ।

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਪੋਲਿੰਗ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਅਨੁਸਾਰ ਨਗਰ ਨਿਗਮ ਚੋਣਾਂ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।