ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਤੁਰੰਤ ਮੋਗਾ ਵਿਚ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5- 5 ਲੱਖ ਰੁਪਏ ਦਿੱਤੇ ਜਾਣ। ਇਸ ਦੇ ਨਾਲ ਹੀ 50,000 ਰੁਪਏ ਗੰਭੀਰ ਜ਼ਖ਼ਮੀਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਦਾ ਵੀ ਐਲਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਪਹੁੰਚੇ ਜਿਨ੍ਹਾਂ ਵਲੋਂ ਜ਼ਖ਼ਮੀਆਂ ਲਈ 25 – 25 ਹਜ਼ਾਰ ਰੁਪਏ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 50-50 ਹਜ਼ਾਰ ਰੁਪਏ ਅਤੇ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਪਿੰਡ ਲੁਹਾਰਾ ਦੇ ਨਜ਼ਦੀਕ ਹੋਏ ਹਾਦਸੇ ’ਚ ਕਰੀਬ 5 ਲੋਕਾਂ ਦੇ ਮਾਰੇ ਗਏ ਸਨ ਤੇ 37 ਜ਼ਖਮੀ ਹੋ ਗਏ ਸਨ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਸਨ।
ਟੀਵੀ ਪੰਜਾਬ ਬਿਊਰੋ