ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ ‘ਆਪ’ ਦਾ ਝਾੜੂ, ਕਿਹਾ ਕਾਂਗਰਸ ਵਿਚ ਨਹੀਂ ਮਿਲਦਾ ਵਰਕਰ ਨੂੰ ਸਨਮਾਨ

ਚੰਡੀਗੜ੍ਹ-ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ। ਚੰਡੀਗੜ੍ਹ ਵਿਚ ਰੱਖੀ ਗਈ ਪ੍ਰੈੱਸ ਕਾਨਫਰੰਸ ਦਰਾਨ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਖੁੱਡੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਜ਼ੁਲਮਾਂ ਖ਼ਿਲਾਫ਼ ਗੁਰਮੀਤ ਸਿੰਘ ਖੁੱਡੀਆਂ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁਕਤਸਰ ‘ਚ ਬਾਦਲ ਪਰਿਵਾਰ ਖ਼ਿਲਾਫ਼ ਚੱਲਣਾ ਬਹੁਤ ਔਖਾ ਹੈ ਪਰ ਉਹ ਲੜਾਈ ਲੜਦੇ ਰਹੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਲ 2017 ‘ਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਲੰਬੀ ਹਲਕੇ ਦਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਆਖ਼ਰੀ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਲੜਨ ਦੀ ਇੱਛਾ ਜਤਾਈ ਅਤੇ ਚੋਣ ਮੈਦਾਨ ‘ਚ ਉਤਰ ਗਏ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲ ਦੇ ਮੁਕਾਬਲੇ ਚੰਗੇ ਢੰਗ ਨਾਲ ਚੋਣ ਨਹੀਂ ਲੜੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਚ ਵਰਕਰ ਸਨਮਾਨ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਮਿਲਦਾ ਅਤੇ ਇਸ ਦੇ ਚੱਲਦਿਆਂ ਹੀ ਉਹ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।

ਗੌਰਤਲਬ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ।
ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ ‘ਚ ਵਡੀ ਰੈਲੀ ਵਿਚ ਖੁੱਡੀਆ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਸੀ। ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਚੰਗਾ ਆਧਾਰ ਮੰਨਿਆ ਜਾਂਦਾ ਹੈ।

ਰਾਜਨੀਤਕ ਮਾਹਰਾਂ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ।