ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿਚ ਯਾਦਗਾਰ ਬਣਾਉਣ ਦਾ ਐਲਾਨ

ਸੁਨਾਮ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ।

ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ ਨੂੰ ਕਾਲੇਪਾਣੀ ਵਜੋਂ ਜਾਣੀ ਜਾਂਦੀ ਬੇਰਹਿਮ ਸਜ਼ਾ ਭੁਗਤਣੀ ਪਈ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਆਜ਼ਾਦੀ ਅੰਦੋਲਨ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਅਜਿਹੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਤਨਪ੍ਰਸਤਾਂ ਦੀ ਸ਼ਨਾਖ਼ਤ ਕਰਨ ਲਈ ਉੱਘੇ ਇਤਿਹਾਸਕਾਰ ਅਤੇ ਵਿਦਵਾਨ ਪਹਿਲਾਂ ਹੀ ਬਹੁਤ ਖੋਜ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਨਾਲ ਤਬਾਹ ਹੋਏ ਇਲਾਕੇ ਦਾ ਦੌਰਾ ਕਰਨ ਮੌਕੇ ਅੰਡੇਮਨ ਟਾਪੂ ਵਿਚ ਸੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”

ਟੀਵੀ ਪੰਜਾਬ ਬਿਊਰੋ