ਕਰਨਾਲ ਵਿਖੇ ਕਿਸਾਨ ਮਹਾਪੰਚਾਇਤ ਸ਼ੁਰੂ, ਮੋਬਾਈਲ ਇੰਟਰਨੈਟ ਸੇਵਾ ਬੰਦ

ਕਰਨਾਲ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਕਰਨਾਲ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਇਸ ਉਪਰੰਤ ਸੈਕਟਰੀਏਟ ਦਾ ਘਿਰਾਓ ਵੀ ਕੀਤਾ ਜਾਵੇਗਾ। ਕਿਸਾਨ ਮਹਾ ਪੰਚਾਇਤ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਕਰਨਾਲ ਪਹੁੰਚ ਰਹੇ ਹਨ।

ਕਰਨਾਲ ਦੇ ਐੱਸ ਪੀ ਗੰਗਾ ਰਾਮ ਪੁਨੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਕਿਸਾਨ ਮਹਾ ਪੰਚਾਇਤ ਦੇ ਮੱਦੇਨਜ਼ਰ ਸੁਰੱਖਿਆ ਦੇ ਜ਼ਰੂਰੀ ਪ੍ਰਬੰਧ ਕੀਤੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੁੱਲ 40 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ। ਜਨਤਕ ਗਤੀਵਿਧੀਆਂ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ।

ਕਰਨਾਲ ਵਿਚ ਧਾਰਾ 144 ਲਾਗੂ

ਕਰਨਾਲ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਰਅਸਲ, 28 ਅਗਸਤ ਨੂੰ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿਰੁੱਧ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਹੈ। ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਅਤੇ ਮੋਬਾਈਲ ਇੰਟਰਨੈਟ ਸੇਵਾ ਮੁਅੱਤਲ ਕਰ ਦਿੱਤੀ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਸਮੇਤ ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਨੂੰ ਜ਼ਿਲ੍ਹੇ ਵਿਚ ਤਾਇਨਾਤ ਕੀਤਾ ਗਿਆ ਹੈ। ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ 6 ਸਤੰਬਰ ਦੀ ਸਮਾਂ ਸੀਮਾ ਦਿੱਤੀ ਸੀ।

ਸੋਮਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਪਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੰਗਲਵਾਰ ਸਵੇਰੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਕਿਸਾਨ ਮਹਾਪੰਚਾਇਤ ਚਲਾਉਣ ਦੀ ਸਲਾਹ ਦਿੱਤੀ ਹੈ।

ਟੀਵੀ ਪੰਜਾਬ ਬਿਊਰੋ