Site icon TV Punjab | Punjabi News Channel

‘ਆਪ’ ਦੇ ਵੇਹੜੇ ਸ਼ਹਿਨਾਈਆਂ , ਵਿਧਾਇਕਾ ਨਰਿੰਦਰ ਭਰਾਜ ਦਾ ਕੱਲ੍ਹ ਹੋਵੇਗਾ ਵਿਆਹ

ਸੰਗਰੂਰ- ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

Exit mobile version