ਦਿੱਲੀ ਚੋਣਾਂ ‘ਚ ਇਕੱਲੇ ਲੜੇਗੀ ‘ਆਪ’, ਕੇਜਰੀਵਾਲ ਨੇ ਕੀਤਾ ਐਲਾਨ

ਡੈਸਕ- ਹਰਿਆਣਾ ਅਤੇ ਮਹਾਰਾਸ਼ਟਰ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਨੂੰ ਦੇਖ ਕੇ ਆਮ ਆਦਮੀ ਪਾਰਟੀ ਵੀ ਚੌਕਸ ਹੋ ਗਈ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ਜੀ ਹਾਂ, ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਕਿ ਦਿੱਲੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ।

ਅਜੇ ਤੱਕ ਅਰਵਿੰਦ ਕੇਜਰੀਵਾਲ ਨੇ ਗਠਜੋੜ ‘ਤੇ ਕੁਝ ਨਹੀਂ ਕਿਹਾ ਸੀ। ਹਾਲਾਂਕਿ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੇ ਹਰਿਆਣਾ ਚੋਣਾਂ ਤੋਂ ਬਾਅਦ ਕਿਹਾ ਸੀ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਪਹਿਲਾਂ ਗਠਜੋੜ ਕੀਤਾ ਸੀ। ਉਸ ਨੂੰ ਗਠਜੋੜ ਦਾ ਕੋਈ ਲਾਭ ਨਹੀਂ ਮਿਲਿਆ। ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀ ਸੀਟ ਦੀ ਲੜਾਈ ਕਾਰਨ ਕਾਂਗਰਸ ਗਠਜੋੜ ਨਹੀਂ ਕਰ ਸਕੀ।

ਆਮ ਆਦਮੀ ਪਾਰਟੀ ਦਿੱਲੀ ਵਿੱਚ ਇਕੱਲਿਆਂ ਹੀ ਚੋਣ ਲੜੇਗੀ, ਇਸ ਦੇ ਸੰਕੇਤ ਹਰਿਆਣਾ ਚੋਣਾਂ ਦੌਰਾਨ ਪਹਿਲਾਂ ਹੀ ਦਿਸ ਰਹੇ ਸਨ। ਜਦੋਂ ਸੀਟਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਮਾਮਲਾ ਫਸ ਗਿਆ ਸੀ ਤਾਂ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੇ ਕਿਹਾ ਸੀ ਕਿ ਦਿੱਲੀ ‘ਚ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ।

ਸੂਤਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਦੇ ਬਹੁਤੇ ਆਗੂ ਕਾਂਗਰਸ ਨਾਲ ਗਠਜੋੜ ਦੇ ਹੱਕ ਵਿੱਚ ਨਹੀਂ ਸਨ। ਅਗਲੇ ਸਾਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਨ। ਆਮ ਆਦਮੀ ਪਾਰਟੀ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕੁਝ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ।