Site icon TV Punjab | Punjabi News Channel

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਡੈਸਕ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ। ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ।

ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਉਧਰ, ਧਾਮੀ ਦੇ ਸਾਹਮਣੇ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਬੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ‘ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਤੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਯੁਗੋ ਯੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਓਟ ਆਸਰਾ ਲੈਕੇ ਉਹ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਪਾਵਨ ਬਾਣੀ ਦੇ ਅਦੁੱਤੀ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਫੈਲਾਉਣ ਲਈ ਪਹਿਲਾਂ ਤੋਂ ਵੀ ਵੱਧ ਦ੍ਰਿੜਤਾ, ਸਮਰਪਣ ਭਾਵਨਾ ਅਤੇ ਦੂਰ ਅੰਦੇਸ਼ੀ ਨਾਲ ਗੁਰੂ ਪੰਥ ਦੀ ਸੇਵਾ ਕਰਦੇ ਰਹਿਣਗੇ ਤੇ ਗੁਰੂ ਕ੍ਰਿਪਾ ਸਦਕਾ ਪੰਥਕ ਸੋਚ ਨੂੰ ਹੋਰ ਵੀ ਬੁਲੰਦੀਆਂ ‘ਤੇ ਲੈ ਜਾਣ ਲਈ ਦਿਨ ਰਾਤ ਯਤਨ ਜਾਰੀ ਰੱਖਣਗੇ। ਪੰਥ ਦੀ ਵਾਹਿਦ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵੱਜੋ ਮੈਂ ਉਹਨਾਂ ਨੂੰ ਵਧਾਈ ਅਤੇ ਸ਼ੁਭ ਇੱਛਾਵਾਂ ਪੇਸ਼ ਕਰਦਾ ਹਾਂ।”

Exit mobile version