Site icon TV Punjab | Punjabi News Channel

ਪਿੰਡ ਉਜਾੜ ਕੇ ਬਣੇ ਚੰਡੀਗਡ਼੍ਹ ’ਤੇ ਸਿਰਫ਼ ਪੰਜਾਬ ਦਾ ਹੱਕ : ਐਡਵੋਕੇਟ ਧਾਮੀ

ਅੰਮ੍ਰਿਤਸਰ – ਚੰਡੀਗਡ਼੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਕਾਰਜ ਲਈ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾਡ਼ ਕੇ ਬਣੇ ਚੰਡੀਗਡ਼੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਤੇ ਇਸ ’ਤੇ ਕਿਸੇ ਨੂੰ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੇ ਅਣਦੇਖੀ ਕਰ ਕੇ ਹੱਥਕੰਡੇ ਵਰਤੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੇ ਵਿਰੋਧ ਵਿਚ ਭੁਗਤ ਰਹੇ ਹਨ। ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿਚ ਉਨ੍ਹਾਂ ਨੇ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰ ਕੇ ਚੰਡੀਗਡ਼੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗਡ਼੍ਹ ’ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਤੇ ਰਹੇਗਾ। ਕੇਂਦਰ ਨੇ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਤੇ ਹੁਣ ਹੋਰ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜ਼ਮੀਨ ਦੀ ਵਰਤੋਂ ਕਰੇ ਤੇ ਮੌਜੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ। ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਫੈਸਲੇ ’ਤੇ ਹਾਮੀ ਨਾ ਭਰਨ।

Exit mobile version