ਅਕਾਲੀ ਦਲ (ਅ) ਨੇ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਐਲਾਨਿਆ ਉਮੀਦਵਾਰ

ਡੈਸਕ- 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਇਨਸਾਫ਼ ਦੀ ਮੰਗ ਕਰਨ ਦੌਰਾਨ ਬਹਿਬਲਕਲਾਂ ਗੋਲੀਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੁਖਰਾਜ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੁਖਰਾਜ ਸਿੰਘ ਨਿਆਮੀਵਾਲਾ ਬਹਿਬਲ ਕਲਾਂ ਗੋਲੀਕਾਂਡ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ, ਜੋ 2015 ਤੋਂ ਹੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਗਿੱਦੜਬਾਹਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣ ਤਾਂ ਜੋ ਇਨਸਾਫ਼ ਲਈ ਸੜਕ ਦੀ ਬਜਾਏ ਵਿਧਾਨ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਬਰਨਾਲਾ ਤੋਂ ਪਹਿਲਾਂ ਹੀ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਅਤੇ ਰਹਿੰਦੇ ਦੋ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੀ ਜਲਦੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਗੋਬਿੰਦ ਸਿੰਘ ਸੰਧੂ ਪਿਛਲੇ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਕੰਮ ਕਰਦੇ ਆ ਰਹੇ ਸਨ। 2022 ਦੀ ਸੰਗਰੂਰ ਲੋਕ ਸਭਾ ਚੋਣ ਵਿੱਚ ਉਹਨਾਂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਅਗਵਾਈ ਦਿੱਤੀ ਸੀ। ਜਿਸ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਹੋਈ ਸੀ। ਗੋਬਿੰਦ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਗਤੀਵਿਧੀਆਂ ਕਰ ਰਹੇ ਸਨ।