ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਲਈ ਲੜਦਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀ ਸਿਸਟਮ ਦੀ ਸ਼ੁਰੂਆਤ ਵੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਬਾਰੇ ਸੋਚਿਆ।
ਉਨ੍ਹਾਂ ਦਾ ਕਹਿਣਾ ਸੀ ਸ਼੍ਰੋਮਣੀ ਅਕਾਲੀ ਦਲ ਜੋ ਕਹਿੰਦਾ ਹੈ ਉਹ ਕਰ ਕੇ ਦਿਖਾਉਂਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਬਾਕੀ ਪਾਰਟੀਆਂ ‘ਤੇ ਵੀ ਨਿਸ਼ਾਨੇ ਸਾਧੇ ਗਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਖੇਤੀ ਮੋਟਰਾਂ ਦਾ ਬਿੱਲ ਮੁਆਫ਼ ਕੀਤਾ ਗਿਆ ਪਰ ਕੈਪਟਨ ਨੇ ਕਰਜ ਮੁਆਫ਼ੀ ਦਾ ਵਾਅਦਾ ਪੂਰਾ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਿਲੇ ਏਅਰਪੋਰਟ ਵੀ ਅਕਾਲੀ ਦਲ ਦੀ ਦੇਣ ਹਨ।
ਘਰੇਲੂ ਖਪਤਕਾਰਾਂ ਨੂੰ 400 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਅਕਾਲੀ-ਬਸਪਾ ਸਰਕਾਰ ਜਨਤਾ ਦੀ ਸਰਕਾਰ ਹੋਵੇਗੀ ਨਾ ਕਿ ਫਾਰਮ ਹਾਊਸ ਵਿਚ ਰਹਿਣ ਵਾਲੀ ਸਰਕਾਰ ਹੋਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੀਲੇ ਕਾਰਡ ਧਾਰਕਾਂ ਦੇ ਬਿਜਲੀ ਬਿੱਲ ਦੇ ਬਕਾਏ ਮੁਆਫ਼ ਕੀਤੇ ਜਾਣਗੇ। ਇਕ ਲੱਖ ਸਰਕਾਰੀ ਨੌਕਰੀਆਂ ਅਤੇ ਨਿੱਜੀ ਖੇਤਰ ਵਿਚ 10 ਲੱਖ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ।
ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ ਘੱਟੋ-ਘੱਟ 50 ਫ਼ੀਸਦੀ ਰਾਖਵਾਂਕਰਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੀਡੀਅਮ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਵੀ ਗੱਲ ਆਖੀ।
ਟੀਵੀ ਪੰਜਾਬ ਬਿਊਰੋ