Site icon TV Punjab | Punjabi News Channel

ਅਕਾਲੀ ਦਲ ਨੇ ਦਿੱਤਾ ਭਾਜਪਾ ਦਾ ਸਾਥ, ਸੰਸਦ ਭਵਨ ਉਦਘਾਟਨ ‘ਚ ਹੋਵੇਗਾ ਸ਼ਾਮਲ

ਡੈਸਕ- ਕਾਂਗਰਸ, ਖੱਬੇਪੱਖੀ, ਟੀਐੱਮਸੀ, ਸਪਾ ਤੇ ‘ਆਪ’ ਸਣੇ ਦੇਸ਼ ਦੀਆਂ 19 ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 28 ਮਈ ਨੂੰ ਨਵੀਂ ਸੰਸਦ ਦੀ ਇਮਾਰਤ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਡਾ. ਚੀਮਾ ਨੇ ‘ਆਪ’ ਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ।

ਦੱਸ ਦਈਏ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਹੱਕ ਰਾਸ਼ਟਰਪਤੀ ਦਾ ਬਣਦਾ ਹੈ। ਇਸ ਲਈ ਬਹੁਤੀਆਂ ਵਿਰੋਧੀ ਧਿਰਾਂ ਇਸ ਸਮਾਗਮ ਦਾ ਬਾਈਕਾਟ ਕਰ ਰਹੀਆਂ ਹਨ। ਦੂਜੇ ਪਾਸੇ ਅਕਾਲੀ ਦਲ ਨੇ ਬੀਜੇਪੀ ਸਰਕਾਰ ਤੋਂ ਵੱਖ ਹੋਣ ਦੇ ਬਾਵਜੂਦ ਇਸ ਸਮਾਗਮ ਵਿੱਚ ਜਾਣ ਦਾ ਐਲਾਨ ਕੀਤਾ ਹੈ।

Exit mobile version