ਚੰਡੀਗੜ੍ਹ- ਅਜਨਾਲਾ ਹਮਲੇ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸਰਕਾਰ ‘ਤੇ ਪੰਜਾਬ ਅਤੇ ਕੇਂਦਰ ਤੋਂ ਭਾਰੀ ਦਬਾਅ ਬਣਾਇਆ ਜਾ ਰਿਹਾ ਹੈ । ਅੱਜ ਵਿਧਾਨ ਸਭਾ ਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਮੰਗ ਕੀਤੀ । ਇਸੇ ਦੌਰਾਨ ਖਬਰ ਆਈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਕਾਂ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਦੇ ਅਸਲਾ ਲਾਇਸੈਂਸ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ ।
ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਚੁੱਪ-ਚਪੀਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।
ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 9 ਸਮਰਥਕਾਂ ਖਿਲਾਫ ਕਾਰਵਾਈ ਪੂਰੀ ਕਰ ਲਈ ਹੈ ਪਰ ਕਾਰਵਾਈ 20 ਮਾਰਚ ਤੋਂ ਬਾਅਦ ਹੋ ਸਕਦੀ ਹੈ। ਦਰਅਸਲ ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਕਾਨਫਰੰਸ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕਰਨਾ ਚਾਹੁੰਦੀ। 15 ਤੋਂ 17 ਮਾਰਚ ਤੱਕ ਸਿੱਖਿਆ ਵਿਸ਼ੇ ‘ਤੇ ਅਤੇ 19-20 ਮਾਰਚ ਨੂੰ ਕਿਰਤ ਦੇ ਵਿਸ਼ੇ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ |
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਭੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਤੋਂ ਛੁਡਾਉਣ ਲਈ ਹਿੰਸਾ ਦਾ ਸਹਾਰਾ ਲਿਆ ਸੀ। ਲਵਪ੍ਰੀਤ ਸਿੰਘ ਆਪਣੇ ਸਮਰਥਕਾਂ ਨਾਲ ਅਜਨਾਲਾ ਪਹੁੰਚੇ ਹੋਏ ਸਨ।
ਜਿੱਥੇ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲੈ ਕੇ ਥਾਣੇ ‘ਤੇ ਹਮਲਾ ਬੋਲ ਦਿੱਤਾ ਸੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਹੋਵੇ, ਇਸ ਲਈ ਪੁਲਿਸ ਕਾਰਵਾਈ ਨਹੀਂ ਕਰ ਸਕੀ।