ਡੈਸਕ- ਫਰਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਚੱਪਾ ਚੱਪਾ ਖੰਗਾਲ ਰਹੀ ਹੈ । ਅੰਮ੍ਰਿਤਪਾਲ ਦੇ ਪਰਿਵਾਰ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ । ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਬਾਰੇ ਵੀ ਜਾਂਚ ਸ਼ੁਰੂ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਦਾ ਪਿਛਲੇ ਦਿਨੀਂ ਵਿਆਹ ਹੋਇਆ ਸੀ। ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਇੰਗਲੈਂਡ ਦੀ ਰਹਿਣ ਵਾਲੀ ਹੈ। ਦੋਵਾਂ ਦਾ ਸੰਪਰਕ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਦਾ ਗੁਪਤ ਤਰੀਕੇ ਨਾਲ ਵਿਆਹ ਹੋਇਆ ਸੀ। ਇਸ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਦਾ ਸੰਪਰਕ ਕਿਵੇਂ ਹੋਇਆ ਸੀ।
‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ। ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਨਿੱਜੀ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਮਹਿਤਪੁਰ ਲਾਗੇ ਆਤਮ ਸਮਰਪਣ ਕਰ ਦਿੱਤਾ ਸੀ।
ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਸ਼ਾਹਕੋਟ ਇਲਾਕੇ ਦੀ ਆਈ ਹੈ ਅਤੇ ਉਸ ਦੀ ਪੈੜ ਨੱਪਣ ਲਈ ਪੁਲਿਸ ਵੱਲੋਂ ਸਾਰੇ ਮੋਬਾਈਲ ਨੈੱਟਵਰਕ ਖੰਗਾਲੇ ਜਾ ਰਹੇ ਹਨ। ਪੁਲਿਸ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਅਹਿਮ ਮੰਨ ਕੇ ਚੱਲ ਰਹੀ ਹੈ। ਖ਼ੁਫ਼ੀਆ ਵਿੰਗ ਵੱਲੋਂ ਉਨ੍ਹਾਂ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਇਸ ਅਪਰੇਸ਼ਨ ਦੇ ਵਿਰੋਧ ’ਚ ਕੋਈ ਰੋਹ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਅਪਰੇਸ਼ਨ ਦੀ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।