ਅਨਿਲ ਦੇਸ਼ਮੁਖ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਮੁੰਬਈ : ਮੁੰਬਈ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅੱਜ ਦੇਸ਼ਮੁਖ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਈਡੀ ਨੇ ਹਿਰਾਸਤ ਦੀ ਮੰਗ ਕੀਤੀ ਸੀ।

ਪਰ 1 ਨਵੰਬਰ ਨੂੰ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।

ਅਨਿਲ ਦੇਸ਼ਮੁਖ ਦੇ ਵਕੀਲ ਵਿਕਰਮ ਚੌਧਰੀ ਨੇ ਦੱਸਿਆ ਕਿ ਅੱਜ ਈਡੀ ਨੇ ਨੌਂ ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ‘ਤੇ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ। ਸੁਣਵਾਈ ਤੋਂ ਬਾਅਦ ਅਦਾਲਤ ਨੇ ਈਡੀ ਦਾ ਰਿਮਾਂਡ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਹ ਕੇਸ ਦਰਜ ਕੀਤਾ ਸੀ।ਇਸ ਆਧਾਰ ‘ਤੇ ਬਾਅਦ ‘ਚ ਦੇਸ਼ਮੁਖ ਅਤੇ ਹੋਰਨਾਂ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਸੀਬੀਆਈ ਵੱਲੋਂ 21 ਅਪ੍ਰੈਲ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਖ਼ਿਲਾਫ਼ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਈਡੀ ਨੇ ਦੇਸ਼ਮੁਖ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ।

ਸੀਬੀਆਈ ਨੇ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਦੇਸ਼ਮੁਖ ਨੇ ਰਾਜ ਦੇ ਗ੍ਰਹਿ ਮੰਤਰੀ ਹੁੰਦਿਆਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕੀਤੀ।

ਦੇਸ਼ਮੁਖ ਨੇ ਬਰਖਾਸਤ ਪੁਲਿਸ ਅਧਿਕਾਰੀ ਸਚਿਨ ਵਾਜੇ ਰਾਹੀਂ ਮੁੰਬਈ ਦੇ ਵੱਖ-ਵੱਖ ਬਾਰਾਂ ਅਤੇ ਰੈਸਟੋਰੈਂਟਾਂ ਤੋਂ 4.70 ਕਰੋੜ ਰੁਪਏ ਇਕੱਠੇ ਕੀਤੇ। ਈਡੀ ਨੇ ਇਸ ਮਾਮਲੇ ਵਿਚ ਦੋ ਹੋਰ ਵਿਅਕਤੀਆਂ ਸੰਜੀਵ ਪਾਲਾਂਡੇ ਅਤੇ ਕੁੰਦਨ ਸ਼ਿੰਦੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਦੋਵੇਂ ਨਿਆਇਕ ਹਿਰਾਸਤ ‘ਚ ਹਨ।

ਟੀਵੀ ਪੰਜਾਬ ਬਿਊਰੋ