TV Punjab | Punjabi News Channel

ਲਖੀਮਪੁਰ ਖੀਰੀ ਹਿੰਸਾ ਮਾਮਲਾ: ਕਿਸਾਨਾਂ ਨੂੰ ਦਰੜਨ ਵਾਲੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜਮਾਨਤ

FacebookTwitterWhatsAppCopy Link

ਨਵੀਂ ਦਿੱਲੀ- 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦੋਸ਼ੀ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਸਣੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ 25 ਜਨਵਰੀ ਦੀ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਇਸ ਮਾਮਲੇ ‘ਚ ਫੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ 19 ਜਨਵਰੀ ਨੂੰ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ।

ਦੱਸ ਦੇਈਏ ਕਿ 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਹਿੰਸਾ ਭੜਕ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਤਤਕਾਲੀ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਇੱਕ ਐਸਯੂਵੀ ਚਾਰ ਕਿਸਾਨਾਂ ਦੇ ਉੱਪਰ ਚੜ੍ਹ ਗਈ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਇਸ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ SUV ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ।

ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਪਿਛਲੇ ਸਾਲ 26 ਜੁਲਾਈ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਆਸ਼ੀਸ਼ ਮਿਸ਼ਰਾ ਨੇ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ 19 ਜਨਵਰੀ ਨੂੰ ਸੁਣਵਾਈ ਦੌਰਾਨ ਕਿਹਾ ਸੀ ਕਿ ਕਿਸੇ ਦੋਸ਼ੀ ਨੂੰ ਉਦੋਂ ਤੱਕ ਅਣਮਿੱਥੇ ਸਮੇਂ ਲਈ ਜੇਲ੍ਹ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ, ਜਦੋਂ ਤੱਕ ਅਪਰਾਧ ਸਾਬਤ ਨਹੀਂ ਹੋ ਜਾਂਦਾ। ਹਾਲਾਂਕਿ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਕਿਹਾ ਸੀ ਕਿ ਇਹ ਇਕ ਗੰਭੀਰ ਅਤੇ ਘਿਨੌਣਾ ਅਪਰਾਧ ਹੈ ਅਤੇ ਜ਼ਮਾਨਤ ਦੇਣ ਨਾਲ ਸਮਾਜ ਵਿਚ ਗਲਤ ਸੰਦੇਸ਼ ਜਾਵੇਗਾ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਮਾਮਲੇ ਦੇ 12 ਹੋਰ ਦੋਸ਼ੀਆਂ ਦੋਸ਼ੀ ਅਜੇ ਵੀ ਜੇਲ੍ਹ ਵਿੱਚ ਹਨ।

YouTube player
Exit mobile version