ਫਰੀਦਕੋਟ – ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੁੱਲ 5 ਹਮਲਾਵਰ 2 ਮੋਟਰਸਾਈਕਲਾਂ ‘ਤੇ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਮਾਰਿਆ ਗਿਆ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਨੇਡਾ ਬੇਠੇ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ।ਪੁਲਿਸ ਇਸ ਪੋਸਟ ਦੀ ਜਾਂਚ ਕਰ ਰਹੀ ਹੈ ।
ਅਮਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਦੋਂਕਿ ਮ੍ਰਿਤਕ ਪ੍ਰਦੀਪ ਸਿੰਘ ਦਾ ਦੂਜਾ ਗੰਨਮੈਨ ਜਗਦੀਸ਼ ਸਿੰਘ ਉਥੇ ਮੌਜੂਦ ਨਹੀਂ ਸੀ ਕਿਉਂਕਿ ਉਹ ਬਾਥਰੂਮ ਗਿਆ ਹੋਇਆ ਸੀ। ਇਸ ਕਾਰਨ ਉਹ ਵਾਲ-ਵਾਲ ਬਚ ਗਿਆ। ਘਟਨਾ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਰਥੱਲੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਦੀਪ ਸਿੰਘ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ।
ਫਰੀਦਕੋਟ ਜ਼ਿਲੇ ‘ਚ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ 9 ਡੇਰਾ ਪ੍ਰੇਮੀਆਂ ਦੀ ਸੁਰੱਖਿਆ ‘ਚ 27 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਬੇਅਦਬੀ ਮਾਮਲੇ ‘ਚ ਹੁਣ ਤੱਕ 3 ਡੇਰਾ ਪ੍ਰੇਮੀਆਂ ਦਾ ਕਤਲ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ‘ਚੋਂ ਇਕ ਕੋਟਕਪੂਰਾ ਨਿਵਾਸੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ ‘ਚ ਕਤਲ ਹੋ ਚੁੱਕਾ ਹੈ, ਜਦਕਿ ਗੁਰਦੇਵ ਲਾਲ ਵਾਸੀ ਬੁਰਜ ਜਵਾਹਰ ਸਿੰਘ ਵਾਲਾ ਨੂੰ ਵੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।
ਸੀਐੱਮ ਮਾਨ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਆਖਿਆ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। ਇਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈੈ। ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ