Site icon TV Punjab | Punjabi News Channel

ਔਰਤਾਂ ਦੇ ਅਧਿਕਾਰਾਂ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਸੀ.ਟੀ. ਇੰਸਟੀਚਿਊਟ, ਪਿੰਡ ਸ਼ਾਹਪੁਰ, ਜ਼ਿਲ੍ਹਾ ਜਲੰਧਰ ਵਿਖੇ ਔਰਤਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਵੱਲੋਂ ਕੀਤੀ ਗਈ।

ਇਸ ਮੌਕੇ ਪ੍ਰਿੰਸੀਪਲ ਸੀ.ਟੀ. ਇੰਸਟੀਚਿਊਟ ਆਫ ਲਾਅ ਡਾ. ਯੁਗਦੀਪ ਕੌਰ ਵੱਲੋਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਦਾ ਬੁਕੇ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਡਾ. ਗਗਨਦੀਪ ਕੌਰ ਨੇ ਔਰਤਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕ ਕੀਤਾ ਅਤੇ ਆਖਿਆ ਕਿ ਅੱਜ ਦੇ ਸਮੇਂ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਔਰਤਾਂ ਦਾ ਮਹੱਤਵਪੂਰਨ ਯੋਗਦਾਨ ਹੈ।

ਇਸ ਮੌਕੇ ਉਨ੍ਹਾਂ ਔਰਤਾਂ ਨੂੰ ਮਿਲਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਦੀ ਮਹੱਤਤਾ, ਮੀਡੀਏਸ਼ਨ ਸੈਂਟਰ ਦੀ ਮਹੱਤਤਾ ਅਤੇ ਔਰਤਾਂ ਖਿਲਾਫ਼ ਹੋਣ ਵਾਲੇ ਅਪਰਾਧਾਂ ਵਿੱਚ ਮਿਲਣ ਵਾਲੀਆਂ ਮੁਆਵਜ਼ਾ ਸਕੀਮਾਂ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜਾਂ ਮਹਿਕਮੇ ਦੇ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਵੂਮੈਨ ਕਮੀਸ਼ਨ ਵੱਲੋਂ ਇਸ ਸੈਮੀਨਾਰ ਨੂੰ ਕਰਵਾਉਣ ਲਈ ਪਾਏ ਯੋਗਦਾਨ ਵਾਸਤੇ ਧੰਨਵਾਦ ਵੀ ਕੀਤਾ।

ਇਸ ਮੌਕੇ ਵਕੀਲ ਤੇ ਰਿਸੋਰਸ ਪਰਸਨ ਆਭਾ ਨਾਗਰ ਅਤੇ ਮਨਜੀਤ ਪਰਮਾਰ ਵੱਲੋਂ ਹਾਜ਼ਰ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਸਮਾਜਿਕ ਅਧਿਕਾਰਾਂ ਅਤੇ ਫਰਜ਼ਾ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਮਾਜ ਸੇਵੀ ਸੰਸਥਾ ਦਿਵਯਾ ਦ੍ਰਿਸ਼ਟੀ ਦੀ ਚੇਅਰਪਰਸਨ ਪਰਵੀਨ ਅਬਰੋਲ ਨੇ ਵੀ ਔਰਤਾਂ ਦੇ ਅਧਿਕਾਰਾਂ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਯੁਗਦੀਪ ਕੌਰ, ਸਹਾਇਕ ਪ੍ਰੋਫੈਸਰ ਨਿਹਾਰਿਕਾ ਸ਼ਰਮਾ ਅਤੇ ਅਧਿਆਪਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਇਸ ਪ੍ਰੋਗਰਾਮ ਨੂੰ ਸੀ.ਟੀ ਇੰਸਟੀਚਿਊਟ ਆਫ ਲਾਅ ਵਿਖੇ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਤੇ ਵੂਮੈਨ ਕਮੀਸ਼ਨ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਮਹਿਲਾ ਪੁਲਿਸ ਅਧਿਕਾਰੀ ਤੇ ਸਰਕਾਰੀ ਦਫਤਰਾਂ ਦੇ ਮਹਿਲਾ ਅਧਿਕਾਰੀ ਅਤੇ ਸੀਨੀਅਰ ਅਸਿਸਟੈਂਟ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਗਨ ਨਾਥ ਅਤੇ ਹੋਰ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version