ਜਲੰਧਰ : ਪਰਾਲੀ ਸਾੜਨ ਦੇ ਰੁਝਾਨ ਖਿਲਾਫ਼ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਵਾਤਾਵਰਣ ਅਤੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਿਸ਼ੇਸ਼ ਤੌਰ ‘ਤੇ ਤਿਆਰ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ.ਨਰੇਸ਼ ਗੁਲਾਟੀ ਵੀ ਮੌਜੂਦ ਸਨ, ਨੇ ਕਿਹਾ ਕਿ ਇਨ੍ਹਾਂ ਵੈਨਾਂ ਵਿਚ ਆਡੀਓ ਸੰਦੇਸ਼ ਚਲਾਏ ਜਾਣਗੇ, ਜਿਸ ਰਾਹੀਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਲਾਭਦਾਇਕ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਅੱਗ ਨਹੀਂ ਲਾਉਣੀ ਚਾਹੀਦੀ ਕਿਉਂਕਿ ਫ਼ਸਲਾਂ ਦੀ ਰਹਿੰਦ-ਖੂਹੰਦ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਕਰਕੇ ਇਸ ਮਾੜੇ ਰੁਝਾਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵੈਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਲੋੜ ਬਾਰੇ ਜਾਗਰੂਕ ਕਰਨ ਵਿਚ ਸਹਾਈ ਸਿੱਧ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਨ ਰਾਹੀਂ ਆਡੀਓ ਸੰਦੇਸ਼ਾਂ ਤੋਂ ਇਲਾਵਾ ਪੈਂਫਲੈੱਟ ਅਤੇ ਪੋਸਟਰਾਂ ਦੇ ਮਾਧਿਅਮ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਹਰੇਕ ਬਲਾਕ ਵਿਚ 90 ਜਾਗਰੂਕਤਾ ਪੇਂਟਿੰਗਾਂ ਦੇ ਨਾਲ ਪਿੰਡਾਂ ਵਿਚ 900 ਵਾਲ ਪੇਟਿੰਗਾਂ ਬਣਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਇਹ ਵੀ ਦਹੁਰਾਇਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਤਿ-ਆਧੁਨਿਕ ਉਪਕਰਣ ਖਰੀਦਣ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੇ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਜਦਕਿ ਜੇਕਰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਮਿੱਟੀ ਵਿਚ ਮਿਲਾ ਦਿੱਤਾ ਜਾਵੇ ਤਾਂ ਮਿੱਟੀ ਦੀ ਸਿਹਤ ਵਿਚ ਭਾਰੀ ਸੁਧਾਰ ਹੁੰਦਾ ਹੈ।
ਟੀਵੀ ਪੰਜਾਬ ਬਿਊਰੋ