ਪੰਜਾਬ ‘ਚ UGC ਦਾ 7ਵਾਂ ਪੇਅ ਸਕੇਲ ਹੋਵੇਗਾ ਲਾਗੂ , ਸੀ.ਐੱਮ ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਵੱਡਾ ਤੋਹਫਾ ਦਿੱਤਾ ਹੈ । ਸੀ.ਐੱਮ ਭਗਵੰਤ ਮਾਨ ਨੇ ਸਾਰੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ‘ਚ UGC ਦਾ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਕਾਲਜਾਂ ‘ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਗੈਸਟ ਫੈਕਲਟੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

CM ਭਗਵੰਤ ਮਾਨ ਨੇ ਟਵਿੱਟਰ ‘ਤੇ ਲਾਈਵ ਆ ਕੇ 18-20 ਸਾਲਾਂ ਤੋਂ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਤੋਹਫਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਗੈਸਟ ਫੈਕਲਟੀ ਅਧਿਆਪਕਾਂ ਦੇ ਸਨਮਾਨ ਅਤੇ ਭੱਤਿਆਂ ਵਿੱਚ ਸਨਮਾਨਜਨਕ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਦਾ ਯੂਨੀਵਰਸਿਟੀ ਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤਕ ਦਾ ਫਾਇਦਾ ਹੋਵੇਗਾ।

ਦਰਅਸਲ ਇਸ ਫੈਸਲੇ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ’ਤੇ ਤਕਰੀਬਨ ਸਾਢੇ ਤਿੰਨ ਸੌ ਕਰੋੜ ਰੁਪਏ ਸਾਲਾਨਾ ਦਾ ਬੋਝ ਪਵੇਗਾ। ਯਾਦ ਰਹੇ ਦੇਸ਼ ਦੀਆਂ ਲਗਪਗ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਸੱਤਵਾਂ ਪੇਅ ਕਮਿਸ਼ਨ ਦਿੱਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵੱਲੋਂ ਲਟਕਾਇਆ ਜਾ ਰਿਹਾ ਸੀ ਜਿਸ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਉਧਰ, ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅੱਜ ਕੈਬਨਿਟ ਮੀਟਿੰਗ ਵੀ ਸੱਦ ਲਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ‘ਚ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਯੂਜੀਸੀ ਦੇ ਸੱਤਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਇਹ ਤਨਖਾਹ 1 ਅਕਤੂਬਰ 2022 ਤੋਂ ਦਿੱਤੀ ਜਾਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਦੇ ਆਧਾਰ ‘ਤੇ ਤਨਖਾਹ ਦਿੱਤੇ ਜਾਣ ਨਾਲ ਅਧਿਆਪਕਾਂ ਨੂੰ ਵਿਸ਼ੇਸ਼ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਇੱਕ ਅਧਿਆਪਕ ਦੇ ਪੁੱਤਰ ਹਨ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦਾ ਹੈ। ਅਧਿਆਪਕ ਆਪਣੀ ਮਿਹਨਤ ਨਾਲ ਦੇਸ਼ ਅਤੇ ਪੰਜਾਬ ਨੂੰ ਰਾਸ਼ਟਰ ਨਿਰਮਾਤਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੀਵਨ ਵਿੱਚ ਗਿਆਨ ਦੇਣ ਵਾਲਾ ਸਰਵਉੱਚ ਹੈ ਅਤੇ ਅਧਿਆਪਕ ਰਾਸ਼ਟਰ ਦਾ ਨਿਰਮਾਣ ਕਰਦਾ ਹੈ।