ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ। ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ’ਤੇ ਪਿਛਲੇ ਸਾਲ ਦਸੰਬਰ ਵਿਚ ਨਸ਼ਿਆਂ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਚਲੇ ਗਏ ਸਨ। ਸੁਪਰੀਮ ਕੋਰਟ ਨੇ ਪੰਜਾਬ ਵਿਚ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਹਿੱਤ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 23 ਫਰਵਰੀ ਤਕ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਬੀਤੇ ਦਿਨੀਂ ਦੇਸ਼ ਦੀ ਸਰਵਉਚ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਕਾਲੀ ਆਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਸੀ।