ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ, ਸਾਰੇ ਸਸਪੈਂਡ ਸਾਂਸਦ ਵੀ ਹੋਣਗੇ ਸ਼ਾਮਲ

ਡੈਸਕ- ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਸੈਸ਼ਨ ਹੋਵੇਗਾ। ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਮੌਜੂਦਾ ਲੋਕ ਸਭਾ ਦਾ ਇਹ ਆਖਰੀ ਸੈਸ਼ਨ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਪ੍ਰੈਲ-ਮਈ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨਗੇ। ਨਵੀਂ ਸਰਕਾਰ ਚਾਰਜ ਸੰਭਾਲਣ ਤੋਂ ਬਾਅਦ ਪੂਰਾ ਬਜਟ ਪੇਸ਼ ਕਰਨਗੇ।

ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਅਤੇ 9 ਫਰਵਰੀ ਤੱਕ ਚੱਲੇਗਾ। ਰਾਸ਼ਟਰਪਤੀ ਪਹਿਲੀ ਵਾਰ ਨਵੀਂ ਸੰਸਦ ਨੂੰ ਸੰਬੋਧਨ ਕਰਨਗੇ। ਅੱਜ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਨਵੀਂ ਸੰਸਦ ‘ਚ ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10.15 ਵਜੇ ਮੀਡੀਆ ਨਾਲ ਗੱਲਬਾਤ ਕਰਨਗੇ। ਇਸ ਮੰਨਿਆ ਜਾ ਰਿਹਾ ਹੈ ਕਿ ਸਦਨ ‘ਚ ਜੰਮੂ-ਕਸ਼ਮੀਰ ਨਾਲ ਸਬੰਧਤ ਵਿੱਤੀ ਬਿੱਲਾਂ ਸਮੇਤ ਕਈ ਅਹਿਮ ਬਿੱਲ ਪੇਸ਼ ਕੀਤੇ ਜਾਣਗੇ।

ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਹੋਈ ਸਰਬ ਪਾਰਟੀ ਬੈਠਕ ‘ਚ ਕਿਹਾ ਕਿ ਸੀਤਾਰਮਨ ਜੰਮੂ-ਕਸ਼ਮੀਰ ਲਈ ਵੀ ਬਜਟ ਪੇਸ਼ ਕਰਨਗੇ, ਜਿੱਥੇ ਰਾਸ਼ਟਰਪਤੀ ਸ਼ਾਸਨ ਹੈ। ਜੋਸ਼ੀ ਨੇ ਕਿਹਾ ਕਿ 9 ਫਰਵਰੀ ਨੂੰ ਖਤਮ ਹੋ ਰਹੇ 17ਵੀਂ ਲੋਕ ਸਭਾ ਦੇ ਇਸ ਛੋਟੇ ਸੈਸ਼ਨ ਦਾ ਮੁੱਖ ਏਜੰਡਾ ਰਾਸ਼ਟਰਪਤੀ ਦਾ ਭਾਸ਼ਣ, ਅੰਤਰਿਮ ਬਜਟ ਦੀ ਪੇਸ਼ਕਾਰੀ ਅਤੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਸ ਦਾ ਜਵਾਬ ਹੈ। ਸਰਕਾਰ ਇਸ ਛੋਟੇ ਸੈਸ਼ਨ ਦੌਰਾਨ ਹਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ।

ਤੁਹਾਨੂੰ ਦੱਸ ਦੇਈਏ ਕਿ ਹਰ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਪਰੰਪਰਾ ਹੈ। ਸਰਬ ਪਾਰਟੀ ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਉਨ੍ਹਾਂ ਮੁੱਦਿਆਂ ਨੂੰ ਉਜਾਗਰ ਕਰਦੇ ਹਨ ਜੋ ਉਹ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ। ਸਰਕਾਰ ਉਨ੍ਹਾਂ ਨੂੰ ਆਪਣੇ ਏਜੰਡੇ ਦੀ ਝਲਕ ਦਿੰਦੀ ਹੈ ਅਤੇ ਉਨ੍ਹਾਂ ਦੇ ਸਹਿਯੋਗ ਦੀ ਮੰਗ ਕਰਦੀ ਹੈ।

ਵਿਰੋਧੀ ਧਿਰ ਦੇ ਜਿਹੜੇ 14 ਸੰਸਦ ਮੈਂਬਰ ਸਰਦ ਰੁੱਤ ਸੈਸ਼ਨ ਦੌਰਾਨ ਮੁਅੱਤਲ ਕੀਤੇ ਗਏ ਸਨ ਅਤੇ ਉਨ੍ਹਾਂ ਦੇ ਕੇਸ ਵਿਸ਼ੇਸ਼ ਅਧਿਕਾਰ ਕਮੇਟੀਆਂ ਕੋਲ ਭੇਜੇ ਗਏ ਸਨ, ਉਹ ਅੱਜ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਵਿੱਚ ਹਿੱਸਾ ਲੈ ਸਕਣਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇਨ੍ਹਾਂ ਸੰਸਦ ਮੈਂਬਰਾਂ ਬਾਰੇ ਸਰਕਾਰ ਦੀ ਬੇਨਤੀ ‘ਤੇ ਸਹਿਮਤੀ ਜਤਾਈ ਹੈ। ਲੋਕ ਸਭਾ ਅਤੇ ਰਾਜ ਸਭਾ ਦੀਆਂ ਸਬੰਧਤ ਵਿਸ਼ੇਸ਼ ਅਧਿਕਾਰ ਕਮੇਟੀਆਂ ਨੇ ਸਿਫ਼ਾਰਸ਼ ਕੀਤੀ ਸੀ ਕਿ ਸੰਸਦ ਮੈਂਬਰਾਂ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਆਪਣੇ ਵਿਹਾਰ ਲਈ ਅਫ਼ਸੋਸ ਪ੍ਰਗਟ ਕਰਨ ਤੋਂ ਬਾਅਦ ਉਨ੍ਹਾਂ ਦੀ ਮੁਅੱਤਲੀ ਵਾਪਸ ਲਈ ਜਾਵੇ।

ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਦੇ ਕੁੱਲ 146 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚ 100 ਲੋਕ ਸਭਾ ਮੈਂਬਰ ਅਤੇ 46 ਰਾਜ ਸਭਾ ਮੈਂਬਰ ਸਨ। ਇਨ੍ਹਾਂ ਵਿੱਚੋਂ 132 ਸੰਸਦ ਮੈਂਬਰਾਂ ਦੀ ਮੁਅੱਤਲੀ ਸਰਦ ਰੁੱਤ ਸੈਸ਼ਨ ਲਈ ਸੀ, ਪਰ 14 ਸੰਸਦ ਮੈਂਬਰਾਂ ਦੇ ਮਾਮਲੇ ਦੋਵਾਂ ਸਦਨਾਂ ਦੀਆਂ ਵਿਸ਼ੇਸ਼ ਅਧਿਕਾਰ ਕਮੇਟੀਆਂ ਨੂੰ ਭੇਜ ਦਿੱਤੇ ਗਏ ਸਨ।