ਡੈਸਕ- ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠਾ। ਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਪਰ ਪਰਿਵਾਰ ਵਾਲਿਆਂ ਵੱਲੋਂ ਬੇਟੇ ਦੀ ਲਾਸ਼ ਘਰ ਲਿਆਉਣ ਲਈ ਆਰਥਿਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।
ਕੈਨੇਡਾ ਦੇ ਸਰੀ ਸ਼ਹਿਰ ‘ਚ ਵਾਪਰੇ ਸੜਕ ਹਾਦਸੇ ‘ਚ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਪਿਛਲੇ ਸਾਲ ਹੀ ਕੈਨੇਡਾ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਪੰਜਾਬ ਦੇ ਫਾਜ਼ਿਲਕਾ ‘ਚ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਸਦੇ ਮਾਪਿਆਂ ਨੂੰ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਪਰਿਵਾਰ ਨੇ ਆਪਣੀ ਸਾਰੀ ਬੱਚਤ ਖਰਚ ਕੇ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ।
ਗੁਰਪ੍ਰੀਤ ਸਿੰਘ ਦੇ ਚਾਚਾ ਗੁਰਮੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 25 ਲੱਖ ਰੁਪਏ ਖਰਚੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਪਰਿਵਾਰ ਭੁਗਤਾਨ ਕਰਨ ਤੋਂ ਅਸਮਰੱਥ ਹੈ, ਪਰਿਵਾਰ ਨੇ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਦੇਹ ਨੂੰ ਘਰ ਪਹੁੰਚਾਉਣ ਲਈ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।